Punjab

ਕਿਸਾਨਾਂ ਤੇ ਆਮ ਲੋਕਾਂ ਵੱਲੋਂ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਤਿਹਾਸ ਦੀਆਂ ਪੜਾਈਆਂ ਜਾਂਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗੱਲਤ ਸ਼ਬਦਾਵਲੀ ਦਰਜ਼ ਕਰਨ ਦਾ ਮਾਮਲਾ ਭੱਖ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ)ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁਹਾਲੀ ਦੇ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਸ਼ਾਂਤਮਈ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਬਾਰੇ ਵਿਸਤਾਰ ਵਿੱਚ  ਦੱਸਦਿਆਂ ਤੇ ਵਿਵਾਦਤ ਕਿਤਾਬਾਂ ਦਿਖਾਉਂਦੇ ਹੋਏ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਇਹ ਕਿਤਾਬਾਂ ਸਕੂਲ ਤੇ ਕਾਲਜ਼ ਵਿੱਚ ਬੱਚਿਆਂ ਨੂੰ ਪੜਾਈਆਂ ਜਾਂਦੀਆਂ ਹਨ ਜਿਹਨਾਂ ਵਿੱਚ ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਨੂੰ ਗੱਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।ਇਹਨਾਂ ਕਿਤਾਬਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਰਾਜਸੀ ਵਿਦਰੋਹੀ ਦਸਿਆ ਹੈ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਬਹੁਤ ਹੀ ਘਟੀਆ ਸ਼ਬਦਾਵਲੀ ਵਰਤੀ ਗਈ ਹੈ। ਜੇਕਰ ਇਹ ਕਿਤਾਬ ਪ੍ਰਵਾਨਿਤ ਨਹੀਂ ਹੈ ਤਾਂ ਫਿਰ ਬਾਜਾਰ ਵਿੱਚ ਕਿਵੇਂ ਉਪਲਬਧ ਹੈ ਤੇ ਇਸ ਦੇ ਪਬਲੀਸ਼ਰ ਤੇ ਲੇਖਕ ਖਿਲਾਫ਼ ਹਾਲੇ ਤੱਕ ਕਾਰਵਾਈ ਕਿਉਂ ਨਹੀਂ ਹੋਈ ਹੈ ? ਇਸ ਸੰਬੰਧੀ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਅਧਿਕਾਰੀਆਂ ਨੂੰ ਕਈ ਵਾਰ ਲਿਖਤ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਅਣਮਿਥੇ ਸਮੇਂ ਲਈ ਇਹ ਧਰਨਾ ਪੰਜਾਬ ਸਕੂਲ ਸਿੱਖਿਆ ਦੇ ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ ਹੈ।