ਦਿੱਲੀ : ਭਾਰਤ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵੀਰਵਾਰ ਤੋਂ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਮੁੜ ਸ਼ੁਰੂ ਕਰੇਗਾ। ਇਹ ਕਦਮ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ਲੈ ਕੇ ਕੂਟਨੀਤਕ ਵਿਵਾਦ ਦੇ ਵਿਚਕਾਰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕੀਤੇ ਜਾਣ ਦੇ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਆਇਆ ਹੈ।
ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਇੱਕ ਪ੍ਰੈੱਸ ਰਿਲੀਜ਼ ਵਿੱਚ ਕਿਹਾ, ”ਕੈਨੇਡਾ ਵੱਲੋਂ ਇਸ ਸਬੰਧ ਵਿੱਚ ਹਾਲ ਹੀ ਵਿੱਚ ਚੁੱਕੇ ਗਏ ਕੁਝ ਕਦਮਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਸਥਿਤੀ ਦੀ ਸਮੀਖਿਆ ਤੋਂ ਬਾਅਦ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੈਡੀਕਲ ਵੀਜ਼ਾ ਅਤੇ ਕਾਨਫ਼ਰੰਸ ਵੀਜ਼ਾ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਫ਼ੈਸਲੇ ਨੂੰ ਇਕ ਅਜਿਹੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਘੱਟ ਹੋ ਸਕਦਾ ਹੈ। ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਇਸ ਦੇ ਕੌਂਸਲੇਟ ਜਨਰਲ ਨੂੰ ਸੁਰੱਖਿਆ ਕਾਰਨਾਂ ਕਰਕੇ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਲਈ ਮਜਬੂਰ ਕੀਤਾ ਗਿਆ ਸੀ।
ਪ੍ਰੈੱਸ ਰੀਲੀਜ਼ ਵਿੱਚ ਕਿਹਾ ਗਿਆ ਹੈ, “ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਐਮਰਜੈਂਸੀ ਸਥਿਤੀਆਂ ਦੇ ਮੱਦੇਨਜ਼ਰ ਉਪਾਅ ਕਰਨਾ ਜਾਰੀ ਰੱਖਣਗੇ, ਜਿਵੇਂ ਕਿ ਵਰਤਮਾਨ ਵਿੱਚ ਕੀਤਾ ਜਾ ਰਿਹਾ ਹੈ,” ਇਸ ਵਿੱਚ ਕਿਹਾ ਗਿਆ ਹੈ ਕਿ ਸਥਿਤੀ ਦੇ ਨਿਰੰਤਰ ਮੁਲਾਂਕਣ ਦੇ ਆਧਾਰ ‘ਤੇ ਅਗਲੇ ਫ਼ੈਸਲੇ ਲਏ ਜਾਣਗੇ।
ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੰਕੇਤ ਦਿੱਤੇ ਸਨ, ਪਰ ਕਿਹਾ ਸੀ ਕਿ ਡਿਪਲੋਮੈਟਾਂ ਦੀ ਸੁਰੱਖਿਆ ਜ਼ਰੂਰੀ ਹੈ। ਇਹ ਕਦਮ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਐਤਵਾਰ ਨੂੰ ਇਹ ਕਹਿਣ ਤੋਂ ਇੱਕ ਦਿਨ ਬਾਅਦ ਆਇਆ ਹੈ ਕਿ ਜੇਕਰ ਭਾਰਤ ਕੈਨੇਡਾ ਵਿੱਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਵਿੱਚ ਪ੍ਰਗਤੀ ਨੂੰ ਦੇਖਦਾ ਹੈ ਤਾਂ “ਬਹੁਤ ਜਲਦੀ” ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਕਰ ਸਕਦਾ ਹੈ।
ਜੈਸ਼ੰਕਰ ਨੇ ਕਿਹਾ ਸੀ ਕਿ ਭਾਰਤ ਵੱਲੋਂ ਕੁਝ ਹਫ਼ਤੇ ਪਹਿਲਾਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦਾ ਮੁੱਖ ਕਾਰਨ ਕੈਨੇਡਾ ਵਿੱਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸੀ ਅਤੇ ਓਟਾਵਾ ਦੀ ਭਾਰਤੀ ਅਧਿਕਾਰੀਆਂ ਨੂੰ ਇੱਕ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਅਸਮਰਥਾ ਡਿਪਲੋਮੈਟਿਕ ਰਿਲੇਸ਼ਨਜ਼ ‘ਤੇ ਵਿਏਨਾ ਕਨਵੈੱਨਸ਼ਨ ਦੇ ਸਭ ਤੋਂ ਬੁਨਿਆਦੀ ਪਹਿਲੂ ਨੂੰ ਚੁਨੌਤੀ ਦਿੰਦੀ ਹੈ।
ਜੈਸ਼ੰਕਰ ਨੇ ਇਹ ਟਿੱਪਣੀ ਕੈਨੇਡਾ ਵੱਲੋਂ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਏ ਜਾਣ ਤੋਂ ਕੁਝ ਦਿਨ ਬਾਅਦ ਕੀਤੀ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 18 ਜੂਨ ਨੂੰ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਇੱਕ ਭਾਰਤੀ ਏਜੰਟ ਦੀ ‘ਸੰਭਵ’ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਸੀ।