The Khalas Tv Blog Punjab ਚੰਡੀਗੜ੍ਹ ‘ਚ ਹਾਥਰਸ ਜਬਰ-ਜਨਾਹ ਘਟਨਾ ‘ਤੇ ਬੁੱਧੀਜੀਵੀਆਂ ਵੱਲੋਂ ਰੋਸ, ਯੋਗੀ ਆਦਿੱਤਿਆਨਾਥ ਅਹੁਦੇ ਤੋਂ ਅਸਤੀਫ਼ਾ ਦੇਣ
Punjab

ਚੰਡੀਗੜ੍ਹ ‘ਚ ਹਾਥਰਸ ਜਬਰ-ਜਨਾਹ ਘਟਨਾ ‘ਤੇ ਬੁੱਧੀਜੀਵੀਆਂ ਵੱਲੋਂ ਰੋਸ, ਯੋਗੀ ਆਦਿੱਤਿਆਨਾਥ ਅਹੁਦੇ ਤੋਂ ਅਸਤੀਫ਼ਾ ਦੇਣ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਯੂਪੀ ਦੇ ਹਾਥਰਸ ‘ਚ 19 ਸਾਲਾ ਦੀ ਦਲਿਤ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਤੇ ਪੁਲੀਸ ਵੱਲੋਂ ਜਬਰੀ ਸਸਕਾਰ ਕਰਨ ਦੀ ਘਟਨਾ ਖ਼ਿਲਾਫ਼ ਬੁੱਧੀਜੀਵੀਆਂ, ਵਕੀਲਾਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਬੁੱਧੀਜੀਵੀਆਂ ਨੇ ਯੂਪੀ ਵਿੱਚ ਹੋਈ ਘਿਨੌਣੀ ਘਟਨਾ ਦੀ ਨਿੰਦਾ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਪੀੜਤਾ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

ਇਸ ਮੌਕੇ ਪ੍ਰੋਫੈਸਰ ਮਨਜੀਤ ਸਿੰਘ, ਡਾ. ਪਿਆਰੇ ਲਾਲ ਗਰਗ, ਐਡਵੋਕੇਟ ਰਾਜੀਵ ਗੋਦਾਰਾ, ਕੇਂਦਰੀ ਪੰਜਾਬੀ ਲੇਖਕ ਸਭਾ ਤੋਂ ਪ੍ਰੋ. ਸੁਖਦੇਵ ਸਿੰਘ ਸਿਰਸਾ, ਕਾਮਰੇਡ ਇੰਦਰਜੀਤ ਸਿੰਘ, ਵਿਦਿਆਰਥੀ ਆਗੂ ਕਨੂ ਪ੍ਰਿਆ, ਅਮਨ ਤੇ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਫੈਸਰ ਮਨਜੀਤ ਸਿੰਘ ਨੇ ਘਟਨਾ ਦੀ ਨਿੰਦਾ ਕਰਦਿਆਂ ਯੂਪੀ ਪੁਲੀਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛ-ਪੜਤਾਲ ਕਰੇ ਤੇ ਕਾਨੂੰਨ ਦੇ ਘੇਰੇ ਵਿੱਚ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸੂਬੇ ਵਿੱਚ ਅਪਰਾਧਕ ਗਤੀਵਿਧੀਆਂ ’ਤੇ ਨੱਥ ਪਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਜਦਕਿ ਇਸ ਦੇ ਉਲਟ ਯੂਪੀ ਵਿੱਚ ਅਪਰਾਧਕ ਗਤੀਵਿਧੀਆਂ ਪਹਿਲਾਂ ਨਾਲੋਂ ਵੀ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ ਯੋਗੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਡਾ. ਪਿਆਰੇ ਲਾਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਿੰਦੂਵਾਦੀ ਨੀਤੀਆਂ ਕਾਰਨ ਅਦਾਲਤਾਂ ਦਾ ਸਤਿਕਾਰ ਪਹਿਲਾਂ ਦੀ ਖ਼ਤਮ ਹੋ ਚੁੱਕਾ ਹੈ ਜਦਕਿ ਹੁਣ ਦੇਸ਼ ਵਿੱਚੋਂ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਪ੍ਰੋਫੈਸਰ ਸੁਖਦੇਵ ਸਿੰਘ ਸਿਰਸਾ ਨੇ ਪੀੜਤਾ ਦਾ ਕਾਹਲੀ ’ਚ ‘ਜਬਰੀ ਸਸਕਾਰ’ ਕੀਤੇ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹਾਥਰਸ ਵਿੱਚ ਹੋਈ ਘਟਨਾ ਦੀ ਫਾਸਟ ਟਰੈਕ ਅਦਾਲਤ ਵਿੱਚ ਸੁਣਵਾਈ ਹੋਣੀ ਚਾਹੀਦੀ ਹੈ ਅਤੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਵਿਦਿਆਰਥੀ ਆਗੂ ਅਮਨ ਨੇ ਕਿਹਾ ਕਿ ਪਹਿਲਾਂ ਦਿੱਲੀ ਵਿੱਚ ਨਿਰਭਯਾ ਨਾਲ ਹੋਏ ਜਬਰ-ਜਨਾਹ ਅਤੇ ਹੁਣ ਹਾਥਰਸ ਵਿੱਚ ਹੋਈ ਘਟਨਾ ਤੋਂ ਸਾਬਿਤ ਹੋ ਗਿਆ ਹੈ ਕਿ ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ। ਅਮਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਰੋਧੀ ਫ਼ੈਸਲੇ ਲੈਣ ਦੀ ਥਾਂ ਅਪਰਾਧਕ ਗਤੀਵਿਧੀਆਂ ’ਤੇ ਨੱਥ ਪਾਉਣ ਅਤੇ ਦੇਸ਼ ਨੂੰ ਵਿਕਾਸ ਦੀ ਰਾਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਚੰਡੀਗੜ੍ਹ ਤੇ ਹੋਰਨਾਂ ਸਮਾਜਿਕ ਜਥੇਬੰਦੀਆਂ ਵੱਲੋਂ ਵੀ ਦੇਸ਼ ਭਰ ਵਿੱਚ ਮੋਮਬੱਤੀ ਮਾਰਚ ਕੀਤੇ ਗਏ।

Exit mobile version