irrigation scam

ਦ ਖ਼ਾਲਸ ਬਿਊਰੋ : ਸਿੰਜਾਈ ਵਿਭਾਗ ‘ਚ ਕਥਿਤ ਬਹੁ- ਕਰੋੜੀ ਘੁਟਾਲੇ(irrigation scam) ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਦੋ ਸਾਬਕਾ ਮੰਤਰੀ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਹੋਇਆ ਹੈ। ਇਸ ਖ਼ਬਰ ਦਾ ਖੁਲਾਸਾ ਟ੍ਰਿਬਿਊਨ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ। ਇੰਨਾ ਹੀ ਨਹੀਂ ਉਕਤ ਦੋ ਸਾਬਕਾ ਮੰਤਰੀਆਂ ਤੋਂ ਇਲਾਵਾ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਦੇ ਐਲਓਸੀ ਜਾਰੀ ਕਰਾਏ ਗਏ ਹਨ ਉਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐੱਸ. ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਦੇ ਨਾਂ ਸ਼ਾਮਲ ਹਨ। ਅਖ਼ਬਾਰ ਦੀ ਰਿਪੋਰਟ ਮੁਤਾਬਿਕ ਇਹ ਕਾਰਵਾਈ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਹੈ।

ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਦੇ ਪਹਿਲਾਂ ਤੋਂ ਹੀ ਵਿਦੇਸ਼ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਕਾਲੀ ਦਲ ਨਾਲ ਸਬੰਧਤ ਸਿਆਸੀ ਆਗੂਆਂ ਵੱਲੋਂ ਵੀ ਆਪਣੇ ਬਚਾਅ ਲਈ ਭੱਜ-ਨੱਠ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਤਫ਼ਤੀਸ਼ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਲੰਘੇ ਹਫ਼ਤੇ ਹੀ ਫਾਈਲ ਬਿਊਰੋ ਕੋਲ ਪਹੁੰਚ ਗਈ ਸੀ ਤੇ ਉਸ ਤੋਂ ਬਾਅਦ ਐਲਓਸੀ ਜਾਰੀ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੁੱਛ-ਪੜਤਾਲ ਦੀ ਪ੍ਰਵਾਨਗੀ

ਵਿਜੀਲੈਂਸ ਵੱਲੋਂ ਭੇਜੇ ਜਾਂਦੇ ਦਸਤਾਵੇਜ਼ਾਂ ਦੇ ਅਧਾਰ ’ਤੇ ਇੰਟੈਲੀਜੈਂਸ ਵਿੰਗ ਵੱਲੋਂ ਐਲਓਸੀ ਜਾਰੀ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਤ ਵਿਅਕਤੀਆਂ ਸਬੰਧੀ ਠੋਸ ਜਾਣਕਾਰੀ ਭੇਜਣੀ ਜ਼ਰੂਰੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੌਰੇ ਉਤੇ ਜਾਣ ਤੋਂ ਐਨ ਪਹਿਲਾਂ ਕਥਿਤ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਤੋਂ ਪੁੱਛ-ਪੜਤਾਲ ਦੀ ਪ੍ਰਵਾਨਗੀ ਦੇ ਦਿੱਤੀ ਸੀ।

‘ਪੰਜਾਬੀ ਟ੍ਰਿਬਿਊਨ’ ਨੂੰ ਵਿਜੀਲੈਂਸ ਦੇ ਸੂਤਰਾਂ ਤੋਂ ਮਿਲੇ ਦਸਤਾਵੇਜ਼ਾਂ ਮੁਤਾਬਕ ਸਿੰਜਾਈ ਘੁਟਾਲੇ ਦੇ ਮੁੱਖ ਦੋਸ਼ੀ ਵਜੋਂ ਤਫ਼ਤੀਸ਼ੀ ਏਜੰਸੀ ਵੱਲੋਂ ਨਾਮਜ਼ਦ ਕੀਤੇ ਗਏ ਗੁਰਿੰਦਰ ਸਿੰਘ ਉਰਫ਼ ਭਾਪਾ ਵੱਲੋਂ ਇਕਬਾਲੀਆ ਬਿਆਨ ਦਿੱਤਾ ਗਿਆ ਹੈ। ਇਸ ਬਿਆਨ ਮੁਤਾਬਕ ਸਿੰਜਾਈ ਵਿਭਾਗ ’ਚ ਹੋਏ ਇਸ ਘੁਟਾਲੇ ਵਿੱਚੋਂ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਅਤੇ ਦੋਵਾਂ ਮੰਤਰੀਆਂ ਦੇ ਨਿੱਜੀ ਸਹਾਇਕਾਂ (ਪੀਏ) ਵੱਲੋਂ ਮੋਟੀਆਂ ਰਕਮਾਂ ਹਾਸਲ ਕੀਤੀਆਂ ਗਈਆਂ। ਵਿਜੀਲੈਂਸ ਬਿਊਰੋ ਵੱਲੋਂ ਇਹ ਇਕਬਾਲੀਆ ਬਿਆਨ ਐਫ.ਆਈ.ਆਰ. ਨੰਬਰ 10 ਮਿਤੀ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120 ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਮਾਮਲੇ ਵਿੱਚ ਲਏ ਗਏ ਸਨ। ਐਵੀਡੈਂਸ ਐਕਟ ਤਹਿਤ ਲਏ ਗਏ ਇਨ੍ਹਾਂ ਬਿਆਨਾਂ ਦੇ ਅਧਾਰ ’ਤੇ ਤਫਤੀਸ਼ੀ ਏਜੰਸੀ ਨੇ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨੀ ਸੀ ਤੇ ਮਾਮਲੇ ਨੂੰ ਅੱਗੇ ਤੋਰਨਾ ਸੀ।

ਮੁਲਜ਼ਮਾਂ ਨੇ ਕੀਤਾ ਇਹ ਵੱਡਾ ਖੁਲਾਸਾ

ਸਿੰਜਾਈ ਘੁਟਾਲੇ ਦੇ ਮੁੱਖ ਮੁਲਜ਼ਮ ਵਜੋਂ ਤਫ਼ਤੀਸ਼ੀ ਏਜੰਸੀ ਵੱਲੋਂ ਨਾਮਜ਼ਦ ਕੀਤੇ ਗਏ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਜਿਹੜਾ ਇਹ ਬਿਆਨ ਦਿੱਤਾ ਗਿਆ ਸੀ, ਉਸ ਮੁਤਾਬਕ ਠੇਕੇਦਾਰ ਨੇ ਇੱਕ ਸੇਵਾਮੁਕਤ ਅਧਿਕਾਰੀ ਨੂੰ 5.50 ਕਰੋੜ, ਇੱਕ ਦੂਜੇ ਅਧਿਕਾਰੀ ਨੂੰ 8.50 ਕਰੋੜ, ਤੇ ਤੀਜੇ ਸੇਵਾਮੁਕਤ ਅਧਿਕਾਰੀ ਨੂੰ 7 ਕਰੋੜ ਰੁਪਏ ਦੀ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਰਿਸ਼ਵਤ ਦੇਣ ਦਾ ਕਾਰਨ ਵਿਭਾਗ ਤੋਂ ਬਿੱਲ ਪਾਸ ਕਰਾਉਣਾ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਵਿੱਚ ਦੇਣ ਦੀ ਗੱਲ ਕਬੂਲੀ ਕੀਤੀ ਸੀ। ਠੇਕੇਦਾਰ ਵੱਲੋਂ ਦੋ ਸਾਬਕਾ ਮੰਤਰੀਆਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਮੋਟਾ ਗੱਫਾ ਦੇਣ ਦਾ ਖੁਲਾਸਾ ਇਸ ਦਸਤਾਵੇਜ਼ ਰਾਹੀਂ ਕੀਤਾ ਗਿਆ ਹੈ। ਇੱਕ ਮੰਤਰੀ ਦੇ ਪੀਏ ਨੂੰ 2.50 ਕਰੋੜ ਰੁਪਏ ਤੇ ਸਾਬਕਾ ਮੰਤਰੀ ਨੂੰ 7 ਕਰੋੜ 35 ਲੱਖ ਰੁਪਏ ਦੇਣ ਦਾ ਇਕਬਾਲ ਕੀਤਾ ਗਿਆ ਹੈ। ਗੁਰਿੰਦਰ ਸਿੰਘ ਨੇ ਦੂਸਰੇ ਮੰਤਰੀ ਨੂੰ 4 ਕਰੋੜ ਰੁਪਏ ਤੇ ਮੰਤਰੀ ਦੇ ਨਿੱਜੀ ਸਹਾਇਕ ਨੂੰ 50 ਲੱਖ ਰੁਪਏ ਦੇਣਾ ਮੰਨਿਆ ਹੈ। ਇਨ੍ਹਾਂ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਬਿੱਲ ਪਾਸ ਕਰਾਉਣ, ਕੰਮ ਦਿਵਾਉਣ ਦਾ ਕਮਿਸ਼ਨ ਆਦਿ ਦੇ ਰੂਪ ਵਿੱਚ ਹੀ ਦੇਣਾ ਮੰਨਿਆ ਸੀ।