ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਵਿਭਾਗ ’ਚ ਹੋਏ ਬਹੁ-ਕਰੋੜੀ ਘਪਲੇ ਦੀ ਜਾਂਚ ਮੁੜ ਤੋਂ ਸ਼ੁਰੂ ਦਿੱਤੀ ਹੈ। ਵਿਜੀਲੈਂਸ ਵੱਲੋਂ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਠੇਕੇਦਾਰ ਗੁਰਿੰਦਰ ਸਿੰਘ ਉਰਫ਼ ਭਾਪਾ ਤੋਂ ਕੀਤੀ ਗਈ ਪੁੱਛ-ਗਿੱਛ ਉਪਰੰਤ ਅਗਲੇ ਹਫ਼ਤੇ ਅਧਿਕਾਰੀਆਂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅਗਵਾਈ ਵਾਲੀ ਟੀਮ ਵੱਲੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਗਈ ਹੈ।
ਅਧਿਕਾਰੀਆਂ ਮੁਤਾਬਿਕ ਠੇਕੇਦਾਰ ਗੁਰਿੰਦਰ ਸਿੰਘ ਤੋਂ ਬੈਂਕ ਖਾਤਿਆਂ ਦੇ ਵੇਰਵਿਆਂ ਸਮੇਤ ਹੋਰ ਕਈ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਸੀ ਤਾਂ ਜੋ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ ਬੀ ਐੱਸ ਸਿੱਧੂ, ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਵੀ ਸੱਦਿਆ ਜਾਵੇਗਾ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਸਿੰਜਾਈ ਘਪਲੇ ਦੀ ਜਾਂਚ ਕਰ ਚੁੱਕਿਆ ਪੁਲੀਸ ਅਧਿਕਾਰੀ ਆਸ਼ੀਸ਼ ਕਪੂਰ ਵੀ ਹੁਣ ਵਿਜੀਲੈਂਸ ਦੀ ਗ੍ਰਿਫ਼ਤ ਵਿੱਚ ਹੈ।
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁਲੀਸ ਅਫ਼ਸਰ ਦੇ ਗ੍ਰਿਫ਼ਤਾਰ ਹੋਣ ਕਾਰਨ ਸਿੰਜਾਈ ਘਪਲੇ ਦੀਆਂ ਹੋਰ ਪਰਤਾਂ ਖੁੱਲ੍ਹ ਸਕਦੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਗੁਰਿੰਦਰ ਸਿੰਘ ਠੇਕੇਦਾਰ ਤੋਂ ਮੁਕੰਮਲ ਤੱਥ ਅਤੇ ਦਸਤਾਵੇਜ਼ ਹਾਸਲ ਕਰਨ ਤੋਂ ਬਾਅਦ ਹੀ ਸਾਬਕਾ ਮੰਤਰੀਆਂ ਅਤੇ ਸਾਬਕਾ ਅਫ਼ਸਰਾਂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਠੇਕੇਦਾਰ ਨੇ ਇਸ ਤੋਂ ਪਹਿਲਾਂ ਹੋਈ ਤਫ਼ਤੀਸ਼ ਦੌਰਾਨ ਸਾਬਕਾ ਮੰਤਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਰਿਸ਼ਵਤ ਵਜੋਂ ਦੇਣ ਦਾ ਖੁਲਾਸਾ ਕੀਤਾ ਸੀ।
ਵਿਜੀਲੈਂਸ ਵੱਲੋਂ ਠੇਕੇਦਾਰ ਅਤੇ ਸਾਬਕਾ ਮੰਤਰੀਆਂ ਤੇ ਅਧਿਕਾਰੀਆਂ ਨਾਲ ਆਹਮੋ-ਸਾਹਮਣੇ ਪੁੱਛ-ਗਿੱਛ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ, 2017 ਨੂੰ ਧਾਰਾ 406, 409, 420, 467, 468, 471, 477, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ’ਚ 10 ਦੋਸ਼ ਪੱਤਰ ਦਾਇਰ ਕੀਤੇ ਜਾ ਚੁੱਕੇ ਹਨ।
ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਇੱਕ ਇਕਬਾਲੀਆ ਬਿਆਨ ਦਰਜ ਕਰਾਇਆ ਗਿਆ ਹੈ ਜਿਸ ’ਚ ਉਸ ਨੇ ਅਧਿਕਾਰੀਆਂ ਨੂੰ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਵਿਭਾਗ ਤੋਂ ਬਿੱਲ ਪਾਸ ਕਰਾਉਣ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਵਿੱਚ ਰਿਸ਼ਵਤ ਦੇਣ ਦੀ ਗੱਲ ਕਬੂਲ ਕੀਤੀ ਸੀ।
ਠੇਕੇਦਾਰ ਨੇ ਦੋ ਸਾਬਕਾ ਮੰਤਰੀਆਂ ਅਤੇ ਉਨ੍ਹਾਂ ਦੇ ਨਿੱਜੀ ਸਹਾਇਕਾਂ ਨੂੰ ਵੀ ਮੋਟਾ ਗੱਫਾ ਦੇਣ ਦਾ ਖੁਲਾਸਾ ਕੀਤਾ ਸੀ।