‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅੰਦਰ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਇਸੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਸਿਆਸੀ ਲੀਡਰਾਂ ਨੂੰ ਇਸ ਮਸਲੇ ‘ਤੇ ਸਿਆਸਤ ਅਤੇ ਬਿਆਨਬਾਜ਼ੀ ਤੋਂ ਗੁਰੇਜ ਕਰਨ ਲ਼ਈ ਕਿਹਾ ਹੈ।
ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਅਤੇ ਉਹਨਾਂ ਦੇ ਸਹਿਯੋਗੀ ਐਡਵੋਕੇਟ ਭਾਈ ਈਸ਼ਰ ਸਿੰਘ ਵੱਲ਼ੋਂ ਜਾਂਚ ਜਾਰੀ ਹੈ ਜਿਸ ਦੀ ਰਿਪੋਰਟ ਇੱਕ ਮਹੀਨੇ ਅੰਦਰ-ਅੰਦਰ ਆ ਜਾਵੇਗੀ। ਰਿਪੋਰਟ ਆਉਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ‘ਚ ਹੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ, ਜਿਹੜੇ ਵੀ ਇਸ ਮਾਮਲੇ ‘ਚ ਦੋਸ਼ੀ ਪਾਏ ਜਾਣਗੇ ਉਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬਣਾਈ ਜਾਂਚ ਕਮੇਟੀ ‘ਤੇ ਸਾਨੂੰ ਪੂਰਾ ਭਰੋਸਾ ਹੈ ਕਿ ਇਸ ਮਾਮਲੇ ‘ਤੇ ਨਿਰਪੱਖ ਜਾਂਚ ਹੋਵੇਗੀ।