Punjab

ਡਾਕਟਰ ਰਾਜੂ ਨੇ ਪੇਸ਼ ਕੀਤੀ ਮਿਸ਼ਾਲ, ਸੁਰੱਖਿਆ ਸਬੰਧੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਦੇਸ਼ ਵਿੱਚ ਹਰ ਕੋਈ ਆਪਣੇ ਆਪ ਨੂੰ ਵੱਡਾ ਸਾਬਤ ਕਰਨ ਲਈ ਸਰਕਾਰੀ ਸੁਰੱਖਿਆ ਲੈਂਦਾ ਹੈ। ਕਈ ਵਾਰ ਤਾਂ ਲੋਕ ਆਪ ਹੀ ਆਪਣੇ ਆਪ ਨੂੰ ਖਤਰਾ ਦੱਸ ਕੇ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਹਨ, ਪਰ ਸਾਬਕਾ ਆਈਏਐਸ ਅਧਿਕਾਰੀ ਅਤੇ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਰਕਾਰੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਹੈ।

ਵੀਆਈਪੀ ਕਲਚਰ ਨਾਲ ਭਾਜਪਾ ਨੂੰ ਹੋਇਆ ਨੁਕਸਾਨ

ਡਾਕਟਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਵੀਆਈਪੀ ਕਲਚਰ ਨਾਲ ਭਾਜਪਾ ਨੂੰ ਨੁਕਸਾਨ ਹੋਇਆ ਹੈ। ਇਸ ਨਾਲ ਲੀਡਰਾਂ ਅਤੇ ਲੋਕਾਂ ਵਿੱਚ ਤਾਲਮੇਲ ਵਿੱਚ ਕਮੀ ਆਉਂਦੀ ਹੈ। ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਦਾ ਪਤਾ ਨਹੀਂ ਲਗਦਾ। ਉਨ੍ਹਾਂ ਕਿਹਾ ਕਿ ਸ਼ਾਇਦ ਇਹੀ ਕਾਰਨ ਹੈ, ਜਿਸ ਕਰਕੇ ਭਾਜਪਾ ਨੂੰ ਪੰਜਾਬ ਵਿੱਚ ਨੁਕਸਾਨ ਹੋਇਆ ਹੈ ਅਤੇ ਭਾਜਪਾ ਨੂੰ ਸਫਲਤਾ ਨਹੀਂ ਮਿਲੀ ਹੈ। ਉਨ੍ਹਾਂ ਲਿਖਿਆ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਭਾਵਨਾਤਮਕ ਢੰਗ ਰਾਹੀਂ ਸੰਪਰਕ ਨਹੀਂ ਕਰ ਸਕੇ, ਜਿਸ ਕਾਰਨ ਸਾਨੂੰ ਸਿਆਸੀ ਨੁਕਸਾਨ ਝੱਲਣਾ ਪਿਆ ਹੈ।

ਪ੍ਰਧਾਨ ਮੰਤਰੀ ਦੀ ਕੀਤੀ ਪ੍ਰਸ਼ੰਸ਼ਾ

ਡਾਕਟਰ ਜਗਮੋਹਨ ਸਿੰਘ ਰਾਜੂ ਨੇ ਆਪਣੇ ਲਿਖੇ ਪੱਤਰ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਸਿੱਖਾਂ ਅਤੇ ਪੰਜਾਬੀਆਂ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਸੀਏਏ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਤੋਂ ਆਏ ਸਿੱਖਾਂ ਨੂੰ ਨਾਗਰਿਕਤਾ ਦੇਣਾ ਸਲਾਘਾਯੋਗ ਹੈ।

ਰਾਜੂ ਲੜ ਚੁੱਕੇ ਹਨ ਚੋਣ

ਡਾਕਟਰ ਜਗਮੋਹਨ ਸਿੰਘ ਰਾਜੂ ਸਾਬਕਾ ਆਈਏਐਸ ਅਧਿਕਾਰੀ ਅਤੇ ਭਾਜਪਾ ਦੇ ਜਨਰਲ ਸਕੱਤਰ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਹ ਅੰਮ੍ਰਿਤਸਰ ਉੱਤਰੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਚੋਣ ਲੜੇ ਸਨ ਪਰ ਉਹ ਚੋਣ ਨਹੀਂ ਜਿੱਤ ਸਕੇ ਸਨ। ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਦੇ ਹੱਥੋਂ ਹਾਰ ਗਏ ਸਨ।