ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਣਾ ਵਿੱਚ 6 ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਟਾਵਰ ਉੱਤੇ ਚੜ੍ਹਕੇ ਸੰਘਰਸ਼ ਕਰ ਰਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ ।
ਜਥੇਦਾਰ ਗੜਗੱਜ ਨੇ ਗੁਰਜੀਤ ਸਿੰਘ ਨਾਲ ਵੀਡੀਓ ਕਾਲ ਉੱਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਭੁੱਖ ਹੜਤਾਲ ਛੱਡਣ,ਭੋਜਣ ਛਕਣ ਤੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਸਿੱਖ ਜਗਤ ਉਨ੍ਹਾਂ ਦੇ ਨਾਲ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਸਮੇਂ-ਸਮੇਂ ਵਾਪਰਦੀਆਂ ਰਹੀਆਂ ਹਨ ਅਤੇ ਇਨ੍ਹਾਂ ਘਟਨਾਵਾਂ ਲਈ ਸਮੁੱਚਾ ਸਿੱਖ ਜਗਤ ਚਿੰਤਤ ਹੈ। ਉਨ੍ਹਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਸਾਰੀਆਂ ਸਿਆਸੀ ਪਾਰਟੀਆਂ ਹੀ ਸਿਆਸਤ ਕਰਦੀਆਂ ਰਹੀਆਂ ਹਨ, ਪਰ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਵਾਲਾ ਕਾਨੂੰਨ ਨਹੀਂ ਬਣਾਇਆ ।
ਜਥੇਦਾਰ ਗੜਗੱਜ ਨੇ ਕਿਹਾ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਸਮੇਂ-ਸਮੇਂ ਰਹੇ ਪ੍ਰਧਾਨ ਸਾਹਿਬਾਨ ਵੱਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਜਨਰਲ ਇਜਲਾਸ ਅਤੇ ਅੰਤ੍ਰਿੰਗ ਕਮੇਟੀ ਦੇ ਕਈ ਮਤੇ ਪਾਸ ਕਰਕੇ ਸਰਕਾਰਾਂ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ,ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਇਸ ਸੰਜੀਦਾ ਮਸਲੇ ਉੱਪਰ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰਾਂ ਇਹ ਦੱਸਣ ਕਿ ਕੀ ਅਜਿਹੇ ਕਾਨੂੰਨ ਦੇ ਬਣਨ ਨਾਲ ਦੇਸ਼ ਅਤੇ ਸਮਾਜ ਨੂੰ ਕੋਈ ਖਤਰਾ ਪੈਦਾ ਹੋਵੇਗਾ ਜਾਂ ਦੇਸ਼ ਅੰਦਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਕਾਇਮ ਹੋਵੇਗੀ?