The Khalas Tv Blog Punjab ਮੁੱਖ ਮੰਤਰੀ ਪੰਜਾਬ ਨੇ ਨਹੀਂ ਦਿੱਤਾ ਸਾਬਕਾ ਮੁੱਖ ਮੰਤਰੀ ਨੂੰ ਬਣਦਾ Credit, ਬੱਸ ਅੱਡੇ ਦਾ ਨਿਰਮਾਣ ਕੈਪਟਨ ਸਰਕਾਰ ਨੇ ਸ਼ੁਰੂ ਕੀਤਾ ਸੀ : ਜੈ ਇੰਦਰ ਕੌਰ
Punjab

ਮੁੱਖ ਮੰਤਰੀ ਪੰਜਾਬ ਨੇ ਨਹੀਂ ਦਿੱਤਾ ਸਾਬਕਾ ਮੁੱਖ ਮੰਤਰੀ ਨੂੰ ਬਣਦਾ Credit, ਬੱਸ ਅੱਡੇ ਦਾ ਨਿਰਮਾਣ ਕੈਪਟਨ ਸਰਕਾਰ ਨੇ ਸ਼ੁਰੂ ਕੀਤਾ ਸੀ : ਜੈ ਇੰਦਰ ਕੌਰ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪਟਿਆਲਾ ਵਿਖੇ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਕੀਤੇ ਗਏ ਸੰਬੋਧਨ ਵਿੱਚ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ,ਜਿਸ ਤੋਂ ਬਾਅਦ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਜੈ ਇੰਦਰ ਕੌਰ ਨੇ ਪਟਿਆਲਾ ਦੇ ਹੋਰ ਸੀਨੀਅਰ ਭਾਜਪਾ ਆਗੂਆਂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਤੇ ਦਾਅਵਾ ਕੀਤਾ ਹੈ ਕਿ ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸਨ, ਜਿਨ੍ਹਾਂ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੂੰ ਬਣਾਉਣ ਦਾ ਰਸਤਾ ਸਾਫ਼ ਕੀਤਾ ਸੀ, ਜਿਸਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।

ਜੈ ਇੰਦਰ ਕੌਰ ਨੇ ਕਿਹਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦੇ ਹਾਂ ਜੋ ਨਵੇਂ ਬੱਸ ਸਟੈਂਡ ਦੇ ਉਦਘਾਟਨ ਲਈ ਪਟਿਆਲਾ ਆਏ ਹਨ। ਇਹ ਬੱਸ ਸਟੈਂਡ ਪ੍ਰੋਜੈਕਟ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਸੁਪਨਾ ਸੀ ਅਤੇ ਇਹ ਅਕਤੂਬਰ 2020 ਵਿੱਚ ਉਹਨਾਂ ਦੇ ਕਾਰਜਕਾਲ ਦੌਰਾਨ ਪਟਿਆਲਾ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਦਾ ਉਦੇਸ਼ 60.97 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਮੁੱਖ ਮੰਤਰੀ ਵੱਲੋਂ 6.10 ਕਰੋੜ ਰੁਪਏ ਹੋਰ ਜੋੜਨ ਵਾਲੇ ਪੁਲ ਦੇ ਨਿਰਮਾਣ ਲਈ ਵੀ ਭੇਜੇ ਗਏ ਸਨ।

ਉਨ੍ਹਾਂ ਇਸ ਪ੍ਰੋਜੈਕਟ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਪੰਜਾਬ ਨੂੰ ਵੀ ਬੇਨਤੀ ਕੀਤੀ  ਹੈ ਕਿ ਉਹ ਫਰਜ਼ੀ ਕਰੈਡਿਟ ਲੈਣ ਦੀ ਬਜਾਏ ਜਿੱਥੇ ਕਰੈਡਿਟ ਬਣਦਾ ਹੈ, ਉੱਥੇ ਕ੍ਰੈਡਿਟ ਦੇਣ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਲਈ ਕੀਤੇ ਕੰਮਾਂ ਨੂੰ ਮਾਨਤਾ ਦੇਣ।

ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਨੇ ਮੌਜੂਦਾ ‘ਆਪ’ ਸਰਕਾਰ ‘ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ ਤੇ ਕਿਹਾ ਹੈ ਕਿ ਪਹਿਲਾਂ ਇਹਨਾਂ ਨੇ ਲੋਕਾਂ ਨੂੰ ਮੁਫਤ ਬਿਜਲੀ ਦਾ ਲੋਲੀਪੌਪ ਦਿੱਤਾ ਅਤੇ ਹੁਣ ਜਲੰਧਰ ਚੋਣਾਂ ਖਤਮ ਹੋਣ ਤੋਂ ਬਾਅਦ ਤੁਰੰਤ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਮੋਢਿਆਂ ‘ਤੇ ਵੱਡਾ ਵਿੱਤੀ ਬੋਝ ਪਾਇਆ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਬਾਰੇ ਗੱਲ ਕਰਦਿਆਂ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਜੀ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਪਟਿਆਲਾ ਨੂੰ 1200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਡੇ ਪ੍ਰੋਜੈਕਟ ਦਿੱਤੇ। ਇਸ ਨਵੇਂ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਵੱਡੇ ਨਹਿਰੀ ਪਾਣੀ ਦਾ ਪ੍ਰੋਜੈਕਟ, ਛੋਟੀ ਨਦੀ ਵੱਡੀ ਨਦੀ ਦਾ ਪ੍ਰੋਜੈਕਟ ਅਤੇ ਨਵੀਂ ਖੇਡ ਯੂਨੀਵਰਸਿਟੀ, ਇਹ ਸਾਰੇ ਪ੍ਰੋਜੈਕਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਟਿਆਲਾ ਨੂੰ ਦਿੱਤੇ ਸਨ।

ਭਾਜਪਾ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਕੇਕੇ ਮਲਹੋਤਰਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸਰਕਾਰ ਵੱਲੋਂ ਨਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲਿਆ ਜਾ ਰਿਹਾ ਹੈ, ਸਗੋਂ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਜੀ ਨੂੰ ਉਦਘਾਟਨ ਸਮਾਰੋਹ ਵਿੱਚ ਵੀ ਸੱਦਾ ਦੇਣ ਵਿੱਚ ਨਾਕਾਮ ਰਹੀ ਹੈ।

Exit mobile version