The Khalas Tv Blog Khetibadi ਜਲੰਧਰ ’ਚ ਏਜੰਸੀਆਂ ਨੇ ਖਰੀਦਿਆ 588235 ਮੀਟ੍ਰਿਕ ਟਨ ਝੋਨਾ! ਕਿਸਾਨਾਂ ਨੂੰ ਹੋਈ 1267 ਕਰੋੜ ਦੀ ਅਦਾਇਗੀ, DC ਦਾ ਦਾਅਵਾ
Khetibadi Punjab

ਜਲੰਧਰ ’ਚ ਏਜੰਸੀਆਂ ਨੇ ਖਰੀਦਿਆ 588235 ਮੀਟ੍ਰਿਕ ਟਨ ਝੋਨਾ! ਕਿਸਾਨਾਂ ਨੂੰ ਹੋਈ 1267 ਕਰੋੜ ਦੀ ਅਦਾਇਗੀ, DC ਦਾ ਦਾਅਵਾ

ਬਿਉਰੋ ਰਿਪੋਰਟ: ਸ਼ਨੀਵਾਰ ਤੱਕ ਜਲੰਧਰ ’ਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਕਰੀਬ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ।

ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਤੱਕ 594523 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 588235 ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪ੍ਰਸ਼ਾਸਨ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ। ਫਸਲ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ 214104 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡੀਸੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਇਕੱਠੇ ਕਰਨ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਬੰਧਿਤ ਅਧਿਕਾਰੀ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਖਰੀਦ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਉਣ ਵਾਲੇ ਦਿਨਾਂ ਵਿੱਚ ਫਸਲ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਉਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਣਾਲੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Exit mobile version