‘ਦ ਖ਼ਾਲਸ ਬਿਊਰੋ:- ਜੰਮੂ ਤੇ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਲਗਾਈਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਦੀ ਆਵਾਜਾਈ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ ਪਰ ਜ਼ਰੂਰੀ ਸੇਵਾਵਾਂ ਤੇ ਮੈਡੀਕਲ ਐਮਰਜੈਂਸੀ ਦੀ ਖੁੱਲ੍ਹ ਦਿੱਤੀ ਜਾਵੇਗੀ।
ਹਾਲਾਂਕਿ ਅਧਿਕਾਰੀਆਂ ਨੇ ਇਨ੍ਹਾਂ ਪਾਬੰਦੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ਉਪਰਾਲਿਆਂ ਦਾ ਇੱਕ ਹਿੱਸਾ ਦੱਸਿਆ ਹੈ। ਜੰਮੂ ਤੇ ਕਸ਼ਮੀਰ ਵਿੱਚ ਐਤਵਾਰ ਨੂੰ 444 ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸੀ। ਪਿਛਲੇ ਸਾਲ 5 ਅਗਸਤ ਨੂੰ ਧਾਰਾ 370 ਤੇ 35ਏ ਰੱਦ ਕੀਤੇ ਜਾਣ ਨਾਲ ਜੰਮੂ ਤੇ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਹੋ ਗਿਆ ਸੀ ਤੇ ਕੇਂਦਰ ਸਰਕਾਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।