ਬਿਊਰੋ ਰਿਪੋਰਟ (9 ਅਪ੍ਰੈਲ, 2026): ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਵਾਲੇ ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ (1952-1995) ਦੀ ਵਿਰਾਸਤ ਨੂੰ ਜਿਊਂਦਾ ਰੱਖਣ ਲਈ ਕੈਨੇਡਾ ਵਿੱਚ ਇੱਕ ਵੱਡੀ ਪਹਿਲ ਕੀਤੀ ਗਈ ਹੈ। ਸਰੀ (ਬੀ.ਸੀ.) ਸਥਿਤ ਕਵਾਂਟਲਨ ਪੌਲੀਟੈਕਨਿਕ ਯੂਨੀਵਰਸਿਟੀ (KPU) ਵਿਖੇ ‘ਜਸਵੰਤ ਸਿੰਘ ਖਾਲੜਾ ਐਂਡੋਡ ਐਵਾਰਡ’ (Jaswant Singh Khalra Endowed Award) ਦੀ ਸਥਾਪਨਾ ਕੀਤੀ ਗਈ ਹੈ।
ਵਣਜਾਰਾ ਨੋਮੈਡ ਕਲੈਕਸ਼ਨ ਵੱਲੋਂ ਵੱਡਾ ਸਹਿਯੋਗ
ਇਸ ਐਵਾਰਡ ਦੀ ਸ਼ੁਰੂਆਤ ‘ਵਣਜਾਰਾ ਨੋਮੈਡ ਕਲੈਕਸ਼ਨ’ (Wanjara Nomad Collections) ਦੇ ਵਿਸ਼ੇਸ਼ ਸਹਿਯੋਗ ਨਾਲ ਕੀਤੀ ਗਈ ਹੈ। ਇਹ ਸਨਮਾਨ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦਾ ਜੀਵਨ ਅਤੇ ਕਾਰਜ ਸ਼ਹੀਦ ਖਾਲੜਾ ਦੀ ਇਮਾਨਦਾਰੀ, ਸੇਵਾ ਅਤੇ ਨੈਤਿਕ ਦਲੇਰੀ ਵਰਗੇ ਗੁਣਾਂ ਨੂੰ ਦਰਸਾਉਂਦਾ ਹੋਵੇਗਾ।
ਯੂਨੀਵਰਸਿਟੀ ਅਤੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਨੂੰ ਇਸ ਨੇਕ ਕਾਰਜ ਵਿੱਚ ਦਾਨ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਹੋਣਹਾਰ ਵਿਦਿਆਰਥੀਆਂ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਜੂਨ 1995 ਵਿੱਚ ਉਨ੍ਹਾਂ ਨੇ ਕੈਨੇਡਾ ਦਾ ਦੌਰਾ ਕਰਕੇ ਉੱਥੋਂ ਦੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਾਲਾਤ ਤੋਂ ਜਾਣੂ ਕਰਵਾਇਆ ਸੀ।
ਭਾਰਤ ਵਾਪਸ ਆਉਣ ਤੋਂ ਬਾਅਦ 6 ਸਤੰਬਰ 1995 ਨੂੰ ਉਨ੍ਹਾਂ ਨੂੰ ਅਗਵਾ ਕਰ ਲਿਆ ਗਿਆ ਅਤੇ ਬਾਅਦ ਵਿੱਚ ਸ਼ਹੀਦ ਕਰ ਦਿੱਤਾ ਗਿਆ। ਸਾਲ 2025 ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਉਨ੍ਹਾਂ ਦੇ ਸਨਮਾਨ ਵਿੱਚ 6 ਸਤੰਬਰ ਨੂੰ ‘ਜਸਵੰਤ ਸਿੰਘ ਖਾਲੜਾ ਦਿਵਸ’ ਵਜੋਂ ਐਲਾਨਿਆ ਸੀ।