‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ। ਚੋਣਾਂ ਦੇ ਮਾਹੌਲ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਤੇ ਭਾਈਚਾਰਕ ਸਾਂਝਾਂ ਨੂੰ ਤੋੜਨ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਰਾਰਤੀ ਅਨਸਰਾਂ ਪਿੱਛੇ ਵੱਡੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਇਨ੍ਹਾਂ ਨੂੰ ਬੇਨਕਾਬ ਕਰਨਾ ਬਹੁਤ ਹੀ ਜ਼ਰੂਰੀ ਹੈ। ਅਸੀਂ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਉਹ ਆਪਣੀਆਂ ਏਜੰਸੀਆਂ ਸਰਗਰਮ ਕਰੇ। ਜਿਹੜੇ ਵੀ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ, ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇ।
ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਕੈਮਰੇ ਜ਼ਰੂਰ ਲਗਵਾਏ ਜਾਣ। ਅਗਰ ਮੌਕੇ ‘ਤੇ ਸੰਗਤ ਨੂੰ ਅਜਿਹੇ ਦੋਸ਼ੀ ਨੂੰ ਸੋਧਾ ਲਾ ਦਿੰਦੀ ਹੈ ਤਾਂ ਇਸ ਲਈ ਸੰਗਤ ਜ਼ਿੰਮੇਵਾਰ ਨਹੀਂ ਹੋਵੇਗੀ। ਅਸੀਂ 25 ਦਸੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਪਟਨਾ ਸਾਹਿਬ ਦੇ ਜਥੇਦਾਰਾਂ ਨੂੰ ਬੁਲਾਇਆ ਹੈ ਅਤੇ ਅਸੀਂ ਜ਼ਰੂਰੀ ਵਿਚਾਰਾਂ ਕਰਕੇ ਸਿੱਖ ਸੰਗਤ ਨੂੰ ਇਨ੍ਹਾਂ ਘਟਨਾਵਾਂ ਤੋਂ ਬਚਣ ਦਾ ਕੋਈ ਪੈਗਾਮ ਦੇਣ ਦੀ ਕੋਸ਼ਿਸ਼ ਕਰਾਂਗੇ।