Punjab Religion

ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਜਥੇਦਾਰ ਗੜਗੱਜ, ਪਰਵਿੰਦਰ ਸਿੰਘ ਝੋਟੇ ਨੂੰ ਦਿੱਤਾ ਸ਼ਹੀਦ ਦਾ ਦਰਜਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਅਤੇ ਪਰਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਪਰਵਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਲੜੀ ਸੀ ਅਤੇ ਇਸ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਲਈ ਸ਼ਹੀਦ ਹੋਇਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਰਮਿੰਦਰ ਸਿੰਘ ਕੌਮ ਦਾ ਸ਼ਹੀਦ ਹੈ। ਉਹ ਆਪਣੀ ਜ਼ਿੰਦਗੀ ਆਰਾਮ ਨਾਲ ਬਤੀਤ ਕਰ ਸਕਦਾ ਸੀ ਪਰ ਉਸ ਨੇ ਲੋਕਾਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਦਾ ਰਾਹ ਚੁਣਿਆ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਉਸ ਨੇ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਸੰਘਰਸ਼ ਕੀਤਾ।

ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਗਏ ਸੰਘਰਸ਼ ਨੂੰ ਯਾਦ ਰੱਖਿਆ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅਕਾਲੀ ਲੀਡਰ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਨੇ ਵੀ ਸ਼ਮੂਲੀਅਤ ਕੀਤੀ।

ਇਸ ਦੌਰਾਨ ਹਾਜ਼ਰ ਲੀਡਰਾਂ ਅਤੇ ਸੰਗਤ ਵੱਲੋਂ ਪਰਮਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੀ ਮਹਾਮਾਰੀ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤਾਕਤ ਬਖ਼ਸਦੀ ਹੈ ਅਤੇ ਸਮਾਜ ਨੂੰ ਜਾਗਰੂਕ ਕਰਦੀ ਹੈ।