ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਵਿਛੋੜਾ ਖਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਲੰਮੇ ਸਮੇਂ ਤੱਕ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ, ਜੋ ਪ੍ਰੇਰਣਾਦਾਇਕ ਹੈ। ਗਿਆਨੀ ਕੁਲਦੀਪ ਸਿੰਘ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਤਰ੍ਹਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਨ੍ਹਾਂ ਦੇ ਸਿੱਖੀ ਪ੍ਰਚਾਰ ਵਿੱਚ ਯੋਗਦਾਨ ਨੂੰ ਅਹਿਮ ਦੱਸਦਿਆਂ ਧਾਮੀ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਚਰਨਾਂ ਵਿੱਚ ਸਥਾਨ ਅਤੇ ਪਰਿਵਾਰ ਨੂੰ ਸਬਰ ਬਖਸ਼ਣ। ਭਾਈ ਇੰਦਰਜੀਤ ਸਿੰਘ ਦੀ ਸੇਵਾ ਅਤੇ ਗੁਰਬਾਣੀ ਕੀਰਤਨ ਦੀ ਵਿਰਾਸਤ ਸਿੱਖ ਸੰਗਤ ਲਈ ਸਦਾ ਪ੍ਰੇਰਣਾਸਰੋਤ ਰਹੇਗੀ।