India Punjab Religion

ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਸ਼ਿਲੌਂਗ ਪਹੁੰਚੇ ਜਥੇਦਾਰ ਗੜਗੱਜ, ਮੇਘਾਲਿਆ ਸਰਕਾਰ ਨੂੰ ਰਾਜ ਧਰਮ ਨਿਭਾਉਣ ਦੀ ਅਪੀਲ

ਬਿਊਰੋ ਰਿਪੋਰਟ (ਅੰਮ੍ਰਿਤਸਰ, 14 ਦਸੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਉਨ੍ਹਾਂ ਨੇ ਸ਼ਿਲੌਂਗ ਦੀ ਸਿੱਖ ਸੰਗਤ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚੀ ਦੁਨੀਆ ਦੇ ਸਿੱਖ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਜਥੇਦਾਰ ਗੜਗੱਜ ਨੇ ਸ਼ਿਲੌਂਗ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਲਾਈਤੁਮਖਰ੍ਹਾ ਤੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ, ਬੜਾ ਬਜ਼ਾਰ ਤੱਕ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਅਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ।

ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਸਿੱਖਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ, ਅੰਮ੍ਰਿਤ ਛਕਣ ਅਤੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਪ੍ਰੇਰਿਆ ਤਾਂ ਜੋ ਉਹ ਗੁਰਬਾਣੀ ਨਾਲ ਜੁੜ ਸਕਣ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਸ਼ਿਲੌਂਗ ਦੇ ਬਹੁਤੇ ਸਿੱਖ ਨੌਜਵਾਨਾਂ ਨੇ ਆਪਣੀ ਸਾਬਤ ਸੂਰਤ ਸਿੱਖ ਪਛਾਣ ਕਾਇਮ ਰੱਖੀ ਹੈ।

ਸ਼ਿਲੌਂਗ ਦੇ ਸਿੱਖਾਂ ਨੂੰ ਸਮਰਥਨ

ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰਾਂ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਨੂੰ ਬੇਘਰ ਕਰਨ ਜਾਂ ਗੁਰੂ ਨਾਨਕ ਦੇਵ ਜੀ ਦੇ ਘਰ ਨੂੰ ਢਾਹੁਣ ਦੀ ਮਨਸ਼ਾ ਰੱਖਦੀਆਂ ਹਨ, ਤਾਂ ਇਹ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਪੂਰੀ ਦੁਨੀਆ ਦੇ ਸਿੱਖ, ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਸ਼ਿਲੌਂਗ ਦੇ ਸਿੱਖਾਂ ਨਾਲ ਕਦੇ ਕੋਈ ਧੱਕਾ ਹੁੰਦਾ ਹੈ, ਤਾਂ ਇਸ ਦੀ ਆਵਾਜ਼ ਅੰਤਰਰਾਸ਼ਟਰੀ ਪੱਧਰ ’ਤੇ ਬੁਲੰਦ ਕੀਤੀ ਜਾਵੇ।

ਮੇਘਾਲਿਆ ਦੇ ਮੰਤਰੀ ਨਾਲ ਮੁਲਾਕਾਤ

ਸਮਾਗਮ ਦੌਰਾਨ ਮੇਘਾਲਿਆ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਸਨਬੋਰ ਸ਼ੁਲਾਈ ਨੇ ਵੀ ਜਥੇਦਾਰ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਮੰਤਰੀ ਨੂੰ ਕਿਹਾ ਕਿ “ਰਾਜ ਧਰਮ ਨਿਭਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ” ਅਤੇ ਕਰੀਬ ਦੋ ਸਦੀਆਂ ਤੋਂ ਵੱਸ ਰਹੇ ਸਿੱਖਾਂ ਨਾਲ ਕੋਈ ਧੱਕਾ ਨਹੀਂ ਹੋਣਾ ਚਾਹੀਦਾ। ਮੰਤਰੀ ਸ੍ਰੀ ਸਨਬੋਰ ਸ਼ੁਲਾਈ ਨੇ ਜਥੇਦਾਰ ਗੜਗੱਜ ਨੂੰ ਸਿੱਖਾਂ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ।