Punjab Religion

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤਾਂ ਲਈ ਸੰਦੇਸ਼

ਬਿਊਰੋ ਰਿਪੋਰਟ (ਅੰਮ੍ਰਿਤਸਰ, 18 ਨਵੰਬਰ 2025)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। 

ਸ਼ਤਾਬਦੀ ਸਮਾਗਮਾਂ ਦੇ ਵੇਰਵੇ ਸਾਂਝੇ ਕਰਦਿਆਂ ਜਥੇਦਾਰ ਗੜਗੱਜ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 23 ਤੋਂ 29 ਨਵੰਬਰ ਦੌਰਾਨ ਆਪਣੇ ਘਰਾਂ ਉੱਪਰ ਖ਼ਾਲਸਾਈ ਨਿਸ਼ਾਨ ਲਹਿਰਾਉਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਏ ਅਜਾਇਬ ਘਰ ਵਿਚ ਮਰਿਆਦਾ ਦਾ ਉਲੰਘਣ ਕਰਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਇਕ ਹਫ਼ਤੇ ਅੰਦਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। 

ਪਾਕਿਸਤਾਨ ਗਏ ਜੱਥੇ ਨਾਲੋਂ ਫ਼ਰਾਰ ਹੋ ਕੇ ਇਕ ਬੀਬੀ ਵਲੋਂ ਉਥੇ ਨਿਕਾਹ ਕਰ ਲੈਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਯਾਤਰੂ ਦੇ ਜਥੇ ਨਾਲ ਜਾਣ ਤੋਂ ਪਹਿਲਾਂ ਉਸ ਬਾਰੇ ਜਾਂਚ ਪੜਤਾਲ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ। ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਸਮੇਤ ਕਈ ਸਿਆਸੀ ਆਗੂਆਂ ਵਲੋਂ ਗੁਰੂ ਘਰਾਂ ਦੀਆਂ ਗੋਲਕਾਂ ਬਾਰੇ ਦਿੱਤੇ ਬਿਆਨ ਦੀ ਆਲੋਚਨਾ ਕੀਤੀ।