The Khalas Tv Blog Punjab ਸਿੱਖਾਂ ਦੇ ਘਰੋਂ ਜਬਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਵਾਲੀ ਕਮੇਟੀ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਝਾੜਿਆ
Punjab

ਸਿੱਖਾਂ ਦੇ ਘਰੋਂ ਜਬਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਵਾਲੀ ਕਮੇਟੀ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਝਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕੁੱਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਰਿਟਾਇਰ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜਬਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧੱਕੇ ਨਾਲ ਚੁੱਕ ਕੇ ਲਿਜਾਉਣ ‘ਤੇ ਸੰਗਤਾਂ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਦਿਆਂ ਕਿਹਾ ਕਿ ਕਿਸੇ ਵੀ ਜਥੇਬੰਦੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਉਣ ਦੀ ਇਜ਼ਾਜਤ ਨਹੀਂ ਹੈ।

ਸਤਿਕਾਰ ਕਮੇਟੀ ਦੇ ਕਾਰਕੁੰਨਾਂ ਵੱਲੋਂ ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਸੰਧੂ ‘ਤੇ ਮਾਸਾਹਾਰੀ ਹੋਣ ਦੇ ਦੋਸ਼ ਲਾਉਂਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜ਼ਬਰਦਸਤੀ ਲਿਜਾਉਣ ‘ਤੇ ਸਿੱਖ ਵਿਚਾਰ ਮੰਚ ਦੇ ਬੁੱਧੀਜੀਵੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਅਜਿਹੇ ਨਾਜ਼ੁਕ ਮੁੱਦਿਆਂ ਬਾਰੇ ਫੈਸਲਾ ਲੈਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ ‘ਤੇ ਗੰਭੀਰ ਨੋਟਿਸ ਲਿਆ ਹੈ। ਮੀਟ ਖਾਣ ‘ਤੇ ਸਿੱਖ ਬੁੱਧੀਜੀਵੀਆਂ ਨੇ ਤਰਕ ਦਿੰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਹਲਾਲ ਖਾਣਾ ਮਨ੍ਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ ਪਰ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ‘ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉੱਚਿਤ ਨਹੀਂ ਹੈ। ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਦੇ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।

ਉਨ੍ਹਾਂ ਨੇ ਸੰਗਤਾਂ ਨੂੰ ਸਮਝਾਉਂਦਿਆਂ ਕਿਹਾ ਕਿ ਜੇਕਰ ਕਿਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤਿ ਦੀ ਰੌਸ਼ਨੀ ਵਿੱਚ ਸਮਝਾਉਣਾ ਚਾਹੀਦਾ ਹੈ।

ਸੇਵਾਮੁਕਤ ਪ੍ਰਿੰਸੀਪਲ ਸੰਧੂ 1976 ਤੋਂ ਇੱਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਉਹਨਾਂ ਨੇ ਆਪਣੀ ਰਿਹਾਇਸ਼ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਉਹ ਰਸਾਲਿਆਂ/ਮੈਗਜੀਨਾਂ ਵਿੱਚ ਸਿੱਖ ਫ਼ਲਸਫ਼ੇ ਬਾਰੇ ਲੇਖ ਵੀ ਲਿਖਦੇ ਹਨ।

Exit mobile version