ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਜਥੇਦਾਰ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਅਤੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ।
ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।