The Khalas Tv Blog Punjab ਜਥੇਦਾਰ ਨੇ ਕਰੋਨਾ ਨੂੰ ਲੈ ਕੇ ਸਰਕਾਰ ਨੂੰ ਕਹਿ ਦਿੱਤੀ ਇਹ ਵੱਡੀ ਗੱਲ
Punjab

ਜਥੇਦਾਰ ਨੇ ਕਰੋਨਾ ਨੂੰ ਲੈ ਕੇ ਸਰਕਾਰ ਨੂੰ ਕਹਿ ਦਿੱਤੀ ਇਹ ਵੱਡੀ ਗੱਲ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੋਨਾ ਮਹਾਂਮਾਰੀ ਦੇ ਹਾਲਾਤਾਂ ‘ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਰੋਨਾ ਪ੍ਰਤੀ ਲੋਕਾਂ ਵਿੱਚ ਦਹਿਸ਼ਤ ਨਾ ਫੈਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕੀਤਾ ਜਾਵੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰੋਨਾ ਦੇ ਵੱਧ ਰਹੇ ਡਰ ਕਾਰਨ ਲੋਕਾਂ ਵਿੱਚ ਅਫ਼ਰਾ-ਤਫ਼ਰੀ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਬਿਨਾਂ ਲੋੜ ਤੋਂ ਘਰਾਂ ਵਿੱਚ ਆਕਸੀਜਨ ਗੈਸ ਦੇ ਸਿਲੰਡਰ ਰੱਖ ਰਹੇ ਹਨ। ਸਰਕਾਰਾਂ ਇੱਕ ਸਾਲ ਦੇ ਸਮੇਂ ਦੌਰਾਨ ਕਰੋਨਾ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਮਾਨ ਦੀ ਘਾਟ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀਆਂ ਹਨ।

ਉਨ੍ਹਾਂ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸ਼ਤਾਬਦੀ ਦੇ ਸਮਾਗਮਾਂ ਬਾਰੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਸ਼ਰਧਾਲੂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆ ਸਕਦੇ ਹਨ, ਉਹ ਆਉਣ ਅਤੇ ਬਾਕੀ ਘਰਾਂ ਵਿੱਚ ਬੈਠ ਕੇ ਸਿੱਧੇ ਪ੍ਰਸਾਰਣ ਰਾਹੀਂ ਗੁਰਬਾਣੀ ਨਾਲ ਜੁੜ ਕੇ ਲਾਹਾ ਪ੍ਰਾਪਤ ਕਰਨ।

ਜਥੇਦਾਰ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਦੋ ਦਿਨ ਦੀ ਤਾਲਾਬੰਦੀ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੇ ਉਮੀਦ ਕੀਤੀ ਹੈ ਕਿ ਕੈਪਟਨ ਇਸ ਅਪੀਲ ’ਤੇ ਗੌਰ ਕਰਨਗੇ।

Exit mobile version