‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਦਫਤਰ ਸਕੱਤਰੇਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਕੰਮ-ਕਾਰ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਨਵੇਂ ਆਨਰੇਰੀ ਸਕੱਤਰ ਗੁਰਮੀਤ ਸਿੰਘ ਦੀ ਨਿਯੁਕਤੀ ਕੀਤੀ ਹੈ।
ਗੁਰਮੀਤ ਸਿੰਘ ਸਾਲ 1972 ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਂਡਰ ਮੈਂਬਰ ਅਤੇ ਪ੍ਰਧਾਨ ਰਹੇ ਹਨ। ਇਨ੍ਹਾਂ ਨੇ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਹਿਊਮਨ ਰਿਸੋਰਸਿਜ਼ ਦੇ ਡਾਇਰੈਕਟਰ ਵਜੋਂ ਵੀ ਲੰਮਾ ਸਮਾਂ ਸੇਵਾ ਨਿਭਾਈ ਹੈ। ਗੁਰਮੀਤ ਸਿੰਘ 2019 ਵਿੱਚ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਹਿੱਤ ਬਣਾਈ ਗਈ “ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ” ਵਿੱਚ ਕੋਆਰਡੀਨੇਟਰ ਵਜੋਂ ਸੇਵਾ ਨਿਭਾ ਰਹੇ ਹਨ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਘੇਰੇ ਵਿੱਚ ਲਿਆਉਣ ਦਾ ਸਾਡਾ ਮਕਸਦ ਹੈ, ਤਾਂ ਜੋ ਸਾਡੀਆਂ ਕੌਮੀ ਸੰਸਥਾਵਾਂ, ਭਾਵੇਂ ਉਹ ਛੋਟੀਆਂ-ਵੱਡੀਆਂ ਹਨ, ਦੇਸ਼ ਜਾਂ ਵਿਦੇਸ਼ ਵਿੱਚ ਹਨ, ਉਨ੍ਹਾਂ ਨੂੰ ਅਸੀਂ ਇੱਕ ਸੂਤਰ ਵਿੱਚ ਪਰੋ ਸਕੀਏ। ਜਿਸ ਨਾਲ ਸਾਡੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਅਸੀਂ ਧਾਰਮਿਕ ਤੌਰ ‘ਤੇ ਮਜ਼ਬੂਤ ਹੋ ਸਕਾਂਗੇ।