Punjab

‘ਤੁਸੀਂ ਬਾਦਲਾਂ ਦਾ ਪੱਖ ਪੂਰਿਆ,ਬੇਅਦਬੀ ਤੇ ਲਾਪਤਾ ਸਰੂਪਾਂ ਦਾ ਅਲਟੀਮੇਟਮ ਜਾਰੀ ਕਰਕੇ ਲੋਕਾਂ ਨੂੰ ਭੜਕਾਓ ਨਾਂ’ !

ਬਿਊਰੋ ਰਿਪੋਰਟ : ਸੋਮਵਾਰ ਨੂੰ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਸਿੱਖਾਂ ਦੀ ਰਿਹਾਈ ਦੇ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਾਲੇ ਸਿੱਧਾ ਟਕਰਾਅ ਹੋ ਗਿਆ ਹੈ । ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਤਿੱਖੇ ਸਵਾਲ ਚੁੱਕੇ ਤਾਂ ਜਥੇਦਾਰ ਸਾਹਿਬ ਨੇ ਜਵਾਬ ਦੇਣ ਵਿੱਚ ਜ਼ਿਆਦਾ ਦੇਰ ਨਹੀਂ ਕੀਤੀ। ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ’। ਇਸ ਦਾ ਜਵਾਬ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਸੇ ਅੰਦਾਜ਼ ਵਿੱਚ ਦਿੱਤੀ ।

ਜਥੇਦਾਰ ਸਾਹਿਬ ਦਾ ਜਵਾਬ

ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨਮਾਇਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ, ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ । ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਹਨ । ਪਰ ਮੈਂ ਇਸ ਪੱਖੋ ਪੂਰੀ ਤਰ੍ਹਾਂ ਨਾਲ ਸੁਚੇਤ ਹਾਂ, ਪੁਰ ਤੁਸੀਂ ਧਿਆਨ ਰੱਖੋ ਆਪਣੀ ਸਿਆਸੀ ਰੋਟਿਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ । ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ,ਵਾਹਿਗੁਰੂ ਭਲੀ ਕਰੇ ।