‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਪ੍ਰਤੀਕਰਨ ਪ੍ਰਗਟ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਕਾਨੂੰਨ ਤੋਂ ਕੋਈ ਆਸ ਨਹੀਂ ਰੱਖਦੇ। ਜਥੇਦਾਰ ਨੇ ਸਿਆਸੀ ਪਾਰਟੀਆਂ ਨੂੰ ਬੇਅਦਬੀ ਦੇ ਮੁੱਦਿਆਂ ‘ਤੇ ਸਿਆਸਤ ਕਰਨ ਤੋਂ ਵੀ ਵਰਜਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਸੰਗਤ ਨੂੰ ਨਾਲ ਲੈ ਕੇ ਲਾਮਬੰਦੀ ਕਰਨੀ ਪਵੇਗੀ।
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਬੈਠਕ ਸੱਦੀ ਗਈ ਸੀ। ਇਸ ਬੈਠਕ ਦੀ ਅਗਵਾਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਇਸ ਬੈਠਕ ਵਿੱਚ ਸ਼ਾਮਿਲ ਹੋਏ। ਗਿਆਨੀ ਹਰਪ੍ਰੀਤ ਸਿੰਘ ਦੇ ਸੱਦੇ ‘ਤੇ ਵੱਡੀ ਗਿਣਤੀ ‘ਚ ਸਿੱਖ ਜਥੇਬੰਦੀਆਂ ਪਹੁੰਚੀਆਂ। ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ। ਜਥੇਦਾਰ ਨੇ ਅੱਜ ਪਹਿਲੀ ਵਾਰੀ ਏਨੇ ਜ਼ਿਆਦਾ ਸਖ਼ਤ ਸੁਰਾਂ ਵਿੱਚ ਬੋਲਦਿਆਂ ਕਿਹਾ ਕਿ ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸੂਲੀ ਨਹੀਂ ਟੰਗਿਆ ਜਾਂਦਾ, ਸਾਡੇ ਹਿਰਦੇ ਸ਼ਾਂਤ ਹੋਣ ਵਾਲੇ ਨਹੀਂ ਹਨ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਧਰਮਾਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਨੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਸਰਕਾਰ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਇਨ੍ਹਾਂ ਘਟਨਾਵਾਂ ਦੀ ਪੜਤਾਲ ਵੀ ਕੀਤੀ ਗਈ ਹੈ। ਅਖਬਾਰਾਂ ਵਿੱਚ ਅਪਰਾਧੀਆਂ ਵੱਲੋਂ ਬਿਆਨ ਦੇ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਦੀ ਜ਼ਿੰਮੇਵਾਰੀ ਲੈਣ ਦੇ ਬਿਆਨ ਵੀ ਸਾਡੇ ਸਾਹਮਣੇ ਆਏ ਹਨ ਪਰ ਅਫ਼ਸੋਸ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਸਿੱਖ ਵਿਦਵਾਨਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਜਾ ਰਹੀ ਹੈ, ਜਿਹੜੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ-ਜਾ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਤੇ ਗੁਰਦੁਆਰਾ ਕਮੇਟੀਆਂ ਦੇ ਕੰਮ-ਕਾਜ ਦੀ ਰਿਪੋਰਟ ਲਵੇਗੀ। ਇਸਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਕੂਲਾਂ, ਕਾਲਜਾਂ ਅਤੇ ਧਾਰਮਿਕ ਅਦਾਰਿਆਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਸਿੱਖ ਚਿੰਤਕਾ, ਸਿੱਖ ਸੰਪਰਦਾਵਾਂ ਦੇ ਮੁਖੀਆਂ ਤੋਂ ਵੀ ਸੁਝਾਅ ਲਏ ਜਾਣਗੇ। ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਸਿੱਖ ਪ੍ਰਚਾਰਕ ਕਮੇਟੀਆਂ ਨੂੰ ਅਨੁਸ਼ਾਸਨ ਅਤੇ ਮਰਿਆਦਾ ਦਾ ਪਾਠ ਪੜਾਉਣਗੀਆਂ। ਪੰਜਾਬ ਵਿੱਚ ਧਰਮ ਪਰਿਵਰਤਨ ਦੀਆਂ ਜੋ ਗਤੀਵਿਧੀਆਂ ਹੋ ਰਹੀਆਂ ਹਨ, ਉਨ੍ਹਾਂ ਨੂੰ ਵੀ ਠੱਲ੍ਹ ਪਵੇਗੀ।
ਜਥੇਦਾਰ ਨੇ ਸਿਆਸੀ ਪਾਰਟੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਕੋਈ ਵੀ ਸਿਆਸਤ ਨਾ ਕੀਤੀ ਜਾਵੇ। ਜਥੇਦਾਰ ਨੇ ਗੁਰਦੁਆਰਾ ਕਮੇਟੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਪਹਿਲਾਂ ਆਪ ਅੰਮ੍ਰਿਤਧਾਰੀ, ਸਾਬਤ-ਸੂਰਤ ਹੋਣ ਅਤੇ ਫਿਰ ਅਜਿਹੇ ਪ੍ਰਬੰਧ ਕਰਨ ਜਿਸ ਨਾਲ ਕੋਈ ਵੀ ਸ਼ਰਾਰਤੀ ਅਨਸਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਕੋਈ ਢਾਹ ਨਾ ਲਾ ਸਕੇ।
ਸੁਪਰੀਮ ਕੋਰਟ ਵੀ ਕਹਿ ਚੁੱਕੀ ਹੈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਜਾਗਤ ਜੋਤ ਹਨ, ਇਸ ਲਈ ਇਸਦਾ ਇਨਸਾਫ ਮਿਲਣਾ ਚਾਹੀਦਾ ਹੈ। ਸਰਕਾਰ ਵੱਲੋਂ ਬਣਾਈ ਗਈ ਪਹਿਲੀ ਸਿੱਟ ਵਿੱਚ ਸ਼ਾਮਿਲ ਇੱਕ ਰਿਟਾਇਰਡ ਪੁਲਿਸ ਅਫਸਰ ਨੂੰ ਵੀ ਅੱਜ ਮੀਟਿੰਗ ਵਿੱਚ ਬੁਲਾਇਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਫਸਰ ਵੱਲੋਂ ਦਿੱਤੇ ਬਿਆਨਾਂ ਦੀ ਵੀਡੀਓ ਬਣਾਈ ਹੋਈ ਹੈ, ਜਿਹੜੀ ਜਲਦੀ ਹੀ ਜਨਤਕ ਕੀਤੀ ਜਾਵੇਗੀ। ਉਨ੍ਹਾਂ ਨੇ ਬੇਅਦਬੀ ਨਾਲ ਸਬੰਧਿਤ ਘਟਨਾਵਾਂ ਅਤੇ ਬਾਅਦ ਵਿੱਚ ਸਰਕਾਰੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਚੱਲਣ ਦੀ ਹਦਾਇਤ ਦਿੱਤੀ ਹੈ।
ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਮਰਿਆਦਾ ਦਾ ਧਿਆਨ ਰੱਖਣ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ ਵਾਲੇ ਸਿਆਸੀ ਆਗੂਆਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਮੀਡੀਆ ਨੂੰ ਸੁਝਾਅ ‘ਤੇ ਅਮਲ ਕਰਨ ਲਈ ਵਾਰ-ਵਾਰ ਕਿਹਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ-ਦੂਜੇ ਨੂੰ ਸੁਨੇਹੇ ਦੇਣ ਦਾ ਮਾਮਲਾ ਨਿੱਜੀ ਹੈ ਅਤੇ ਉਹ ਕਿਸੇ ਤਰ੍ਹਾਂ ਦੀ ਵੀ ਦਖ਼ਲ-ਅੰਦਾਜ਼ੀ ਜਾਂ ਬਿਆਨਬਾਜ਼ੀ ਕਰਨ ਦੀ ਲੋੜ ਨਹੀਂ ਸਮਝਦੇ ਹਨ।