ਅੱਜ ਪੂਰਾ ਸਿੱਖ ਸਮਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾ ਰਿਹਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਅਤੇ ਬਾਅਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਣੀ ਦੇ ਰਾਹੀਂ ਸਮੁੱਚੀ ਮਾਨਵਤਾ ਦਾ ਭਲਾ ਕੀਤਾ ਅਤੇ ਲੋੜ ਪੈਣ ’ਤੇ ਸ਼ਾਂਤ ਰਹਿ ਕੇ ਸ਼ਹੀਦੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਸਾਡਾ ਮਾਰਗ ਦਰਸ਼ਨ ਕਰਦੀ ਹੈ ਅਤੇ ਅਕਾਲ ਪੁਰਖ ਦੇ ਨਾਲ ਮਿਲਾਉਦੀ ਹੈ।