Punjab Religion

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ ਹੈ।  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕੌਮ ਵਲੋਂ ਜ਼ਿੰਦਾ ਸ਼ਹੀਦ ਦੇ ਖ਼ਿਤਾਬ ਨਾਲ ਨਿਵਾਜੇ ਗਏ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਅੰਦਰ 30ਵਾਂ ਸਾਲ ਚੱਲ ਰਿਹਾ ਹੈ, ਜੋ ਪਿਛਲੇ 18 ਸਾਲਾਂ ਤੋਂ ਨਜ਼ਰਬੰਦ ਹਨ ਤੇ ਉਨ੍ਹਾਂ ਦੇ ਮਾਮਲੇ ਵਿਚ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਇੰਨਾ ਹੀ ਨਹੀਂ ਪਿਛਲੇ 13 ਸਾਲਾਂ ਤੋਂ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸੰਬੰਧੀ ਪਟੀਸ਼ਨ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ।

ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਵਾਰ-ਵਾਰ ਕੇਂਦਰ ਸਰਕਾਰ ਨੂੰ ਫੈਸਲਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਪਰ ਹਾਲੇ ਤੱਕ ਨਾ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਤੇ ਨਾ ਹੀ ਸੁਪਰੀਮ ਕੋਰਟ ਆਪਣੇ ਕੀਤੇ ਆਦੇਸ਼ ਲਾਗੂ ਕਰਵਾ ਸਕਿਆ ਹੈ।

ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਵੀ ਪੰਜ ਸਾਲ ਹੋ ਗਏ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦਾ ਅੜੀਅਲ ਰਵੱਈਆ ਛੱਡ ਕੇ ਭਾਈ ਰਾਜੋਆਣਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਕਰੇ। ਉਨ੍ਹਾਂ ਕਿਹਾ ਕਿ ਕੌਮ ਦਾ ਤਰਜ਼ਮਾਨ ਹੋਣ ਦੇ ਨਾਤੇ ਉਹ ਉਨ੍ਹਾਂ ਸਾਰੇ ਬੰਦੀ ਸਿੰਘਾਂ ਦੇ ਘਰਾਂ ਵਿਚ ਜਾਣਗੇ ਜੋ ਜੇਲ੍ਹਾਂ ਵਿਚ ਸਮਾਂ ਪੂਰਾ ਕਰਨ ਦੇ ਬਾਵਜੂਦ ਅੱਜ ਵੀ ਬੰਦੀ ਹਨ।

ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਮੁੱਚੀ ਕੌਮ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਮੁੱਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਿੰਘ ਸਾਡਾ ਕੌਮੀ ਸਰਮਾਇਆ ਹਨ।