India Punjab Religion

ਸਿੱਖਾਂ ਨੂੰ ਕਿਰਪਾਨ ਨਾਲ ਦਿੱਲੀ ਹਵਾਈ ਅੱਡੇ ‘ਤੇ ਰੋਕਣ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਲਿਆ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ (Sri Akal takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਦਿੱਲੀ ਹਵਾਈ ਅੱਡੇ ਤੇ ਅੰਮ੍ਰਿਤਧਾਰੀ ਕਿਸਾਨ ਲੀਡਰਾਂ ਨੂੰ ਰੋਕਣ ‘ਤੇ ਸਖਤ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨ ਦੇ ਅਧਿਕਾਰਾਂ ਦੀ ਅਵੱਗਿਆ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਰਪਾਲ ਸਿੱਖਾਂ ਨੂੰ ਗੁਰੂ ਸਾਹਿਬਾਂ ਵੱਲੋਂ ਦਿੱਤੀ ਹੈ ਅਤੇ ਭਾਰਤੀ ਸੰਵਿਧਾਨ ਦੇ ਮੁਤਾਬਕ ਸਿੱਖਾਂ ਨੂੰ ਕਿਰਪਾਲ ਪਹਿਨਣ ਦਾ ਪੂਰਾ ਹੱਕ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਭਾਰਤ ਦੀਆਂ ਘਰੇਲੂ ਉਡਾਣਾਂ ਵਿਚ ਵੀ ਨਿਰਧਾਰਿਤ ਆਕਾਰ ਦੀ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ ਪਰ ਅੱਜ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ ਅਤੇ ਬਲਦੇਵ ਸਿੰਘ ਸਿਰਸਾ ਨੂੰ ਕ੍ਰਿਪਾਨ ਪਹਿਨ ਕੇ ਸੁਰੱਖਿਆ ਅਧਿਕਾਰੀਆਂ ਵਲੋਂ ਹਵਾਈ ਸਫਰ ਕਰਨ ਤੋਂ ਰੋਕਣਾ ਬੇਹੱਦ ਨਿੰਦਣਯੋਗ ਅਤੇ ਸਿੱਖਾਂ ਦੇ ਮੌਲਿਕ ਤੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਦਿੱਲੀ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਤੋਂ ਰੋਕ ਕੇ ਸੰਵਿਧਾਨਿਕ ਤੇ ਕਾਨੂੰਨੀ ਉਲੰਘਣਾ ਕਰਨ ਵਾਲੇ ਸੁਰੱਖਿਆ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਹੋਈ ਗਲਤੀ ਲਈ ਹਵਾਈ ਅੱਡਾ ਅਥਾਰਿਟੀ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ –   ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਸਖਤ ਤੰਜ! ਮਹਾਰਾਜ ਸਤੌਜ ਦੀ ਦਿੱਤੀ ਉਪਾਧੀ