The Khalas Tv Blog Punjab ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਮਾਰਚ 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਅਤੇ ਗ਼ਰੀਬ ਸਿੱਖਾਂ ਤੱਕ ਪਹੁੰਚਾਉਣ ਲਈ ਇਕੱਤਰਤਾ ਕੀਤੀ। ਇਸ ਦਾ ਮਕਸਦ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣਾ ਵੀ ਸੀ। ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਪ੍ਰਚਾਰਕ, ਢਾਡੀ, ਅਤੇ ਕਵੀਸ਼ਰ ਸਿੰਘਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਜਤਾਈ।

ਇਕੱਤਰਤਾ ਤੋਂ ਪਹਿਲਾਂ ਜਥੇਦਾਰ ਗੜਗੱਜ ਸਮੂਹ ਪ੍ਰਚਾਰਕਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਬਾਣੀ ਜਾਪ ਉਪਰੰਤ ਮੀਟਿੰਗ ਸ. ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿੱਚ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਅਤੇ Aਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਿਜੈ ਸਿੰਘ ਸ਼ਾਮਲ ਹੋਏ।

ਬੁਲਾਰਿਆਂ ਨੇ ਧਰਮ ਪ੍ਰਚਾਰ ਦੇ ਮੌਜੂਦਾ ਕਾਰਜਾਂ, ਚੁਣੌਤੀਆਂ, ਅਤੇ ਅਗਾਂਹ ਦੀ ਰਣਨੀਤੀ ਬਾਰੇ ਵਿਚਾਰ ਪੇਸ਼ ਕੀਤੇ। ਜਥੇਦਾਰ ਗੜਗੱਜ ਨੇ ਕਿਹਾ ਕਿ ਇਕੱਤਰਤਾ ਵਿੱਚ ਸਿੱਖ ਪ੍ਰਚਾਰਕਾਂ ਨਾਲ ਚੰਗੇ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਜ਼ੋਰ ਦਿੱਤਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਮੂਹ ਪ੍ਰਚਾਰਕ ਪਿੰਡ-ਪਿੰਡ, ਘਰ-ਘਰ, ਖ਼ਾਸ ਕਰਕੇ ਗ਼ਰੀਬ ਸਿੱਖਾਂ ਤੱਕ ਗੁਰ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਪਹੁੰਚਾਉਣਗੇ, ਤਾਂ ਜੋ ਮਨੁੱਖਤਾ ਵਿਕਾਰਾਂ ਤੋਂ ਬਚ ਕੇ ਸਤਿਗੁਰ ਦੀ ਸ਼ਰਨ ਵਿੱਚ ਆਵੇ। ਸਨ।

ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਸਿੱਖ ਪ੍ਰਚਾਰਕਾਂ ਨਾਲ ਬਹੁਤ ਹੀ ਚੰਗੇ ਮਾਹੌਲ ਵਿੱਚ ਇਕੱਤਰਤਾ ਕਰਕੇ ਧਰਮ ਪ੍ਰਚਾਰ ਸਬੰਧੀ ਦੀਰਘ ਵਿਚਾਰ ਵਟਾਂਦਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿੰਘਾਂ ਨੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਚੁਣੌਤੀਆਂ ਵੱਡੀਆਂ ਹਨ ਪਰ ਗੁਰੂ ਸਾਹਿਬ ਦਾ ਥਾਪੜਾ ਸਾਡੇ ਨਾਲ ਹੈ ਜਿਸ ਦੇ ਓਟ ਆਸਰੇ ਨਾਲ ਸਮੂਹ ਪ੍ਰਚਾਰਕ ਸਿੰਘਾਂ ਦੀ ਫੌਜ ਵੱਲੋਂ ਪੂਰੀ ਦ੍ਰਿੜ੍ਹਤਾ ਨਾਲ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ।

Exit mobile version