The Khalas Tv Blog Punjab ਧਰਮ ਪ੍ਰਚਾਰ ਲਹਿਰ ਦੀ ਵਿਉਂਦਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ
Punjab Religion

ਧਰਮ ਪ੍ਰਚਾਰ ਲਹਿਰ ਦੀ ਵਿਉਂਦਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ : ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤਸਰ ਮਾਝਾ ਜ਼ੋਨ ਦੇ ਸਮੂਹ ਪ੍ਰਚਾਰਕ, ਨਿਗਰਾਨ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ।

ਇਕੱਤਰਤਾ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਨੂੰ ਦ੍ਰਿੜ੍ਹਤਾ ਨਾਲ ਅਗਾਂਹ ਵਧਾਉਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਸ਼ੁਰੂ ਕਰਨ ਤੋਂ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੂਹ ਪ੍ਰਚਾਰਕ ਸਿੰਘਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਤਮਸਤਕ ਹੋਏ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਬੇਨਤੀ ਕੀਤੀ।

ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਧਰਮ ਪ੍ਰਚਾਰ ਸਬੰਧੀ ਚੱਲ ਰਹੇ ਮੌਜੂਦਾ ਕਾਰਜਾਂ ਅਤੇ ਅਗਾਂਹ ਵਾਸਤੇ ਵਿਉਂਤਬੰਦੀ ਲਈ ਆਪੋ ਆਪਣੇ ਵਿਚਾਰ ਸਾਹਮਣੇ ਰੱਖੇ। ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਝਾ ਜ਼ੋਨ ਦੇ ਸਿੱਖ ਪ੍ਰਚਾਰਕਾਂ ਨਾਲ ਅੱਜ ਇੱਕ ਭਰਵੀਂ ਇਕੱਤਰਤਾ ਵਿੱਚ ਧਰਮ ਪ੍ਰਚਾਰ ਸਬੰਧੀ ਦੀਰਘ ਵਿਚਾਰ ਵਟਾਂਦਰਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪ੍ਰਚਾਰਕ ਸਿੰਘ ਉਹ ਗੁਰਭਾਈ ਹਨ ਜਿਹੜੇ ਜ਼ਮੀਨੀ ਪੱਧਰ ਉੱਤੇ ਜਾ ਕੇ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਸੰਗਤ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਇਹ ਤੈਅ ਹੋਇਆ ਹੈ ਕਿ ਪਹਿਲਾਂ ਤੋਂ ਚੱਲ ਰਹੀ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਜਜ਼ਬੇ, ਜੋਸ਼ ਅਤੇ ਜਨੂਨ ਨਾਲ ਅਗਾਂਹ ਲੈ ਕੇ ਜਾਇਆ ਜਾਵੇ ਅਤੇ ਪਿੰਡ ਪੱਧਰ ਉੱਥੇ ਸੰਗਤਾਂ ਨੂੰ ਨਾਲ ਜੋੜਿਆ ਜਾਵੇ।

ਉਹਨਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਧਰਮ ਪ੍ਰਚਾਰ ਲਹਿਰ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੋ ਪ੍ਰੋਗਰਾਮ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਲਈ ਦਿੱਤਾ ਗਿਆ ਸੀ ਉਸ ਨੂੰ ਅਗਾਂਹ ਵਧਾਉਣ ਵਾਸਤੇ ਵੀ ਪ੍ਰਚਾਰਕ ਸਿੰਘ ਨਾਲ ਵਿਚਾਰਾਂ ਹੋਈਆਂ ਅਤੇ ਆਉਣ ਵਾਲੇ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਮੁੱਚੇ ਪੰਜਾਬ ਅੰਦਰ ਪ੍ਰਚੰਡ ਧਰਮ ਪ੍ਰਚਾਰ ਲਹਿਰ ਵਿੱਢੀ ਜਾਵੇਗੀ।

Exit mobile version