ਬਿਉਰੋ ਰਿਪੋਰਟ : ਸ੍ਰੀ ਅਕਾਲ ਤਖਤ (Sri Akal takhat) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Raghubir singh )ਨੇ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ (Sultanpur Lodhi) ਦੇ ਗੁਰਦੁਆਰਾ ਅਕਾਲ ਬੁੰਗਾ ਵਿੱਚ ਪੁਲਿਸ ਵੱਲੋ ਚੱਲਾਇਆ ਗਈਆਂ ਗੋਲੀਆਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਦੋਸ਼ੀ ਠਹਿਰਾਇਆ ਹੈ । ਹਾਲਾਂਕਿ ਜਥੇਦਾਰ ਸਾਹਿਬ ਵੱਲੋਂ ਸੀਐੱਮ ਮਾਨ ਖਿਲਾਫ ਕਿਸੇ ਤਰ੍ਹਾਂ ਦੀ ਧਾਰਮਿਕ ਕਾਰਵਾਈ ਬਾਰੇ ਆਪਣੇ ਬਿਆਨ ਵਿੱਚ ਕੋਈ ਜ਼ਿਕਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ SGPC ਵੱਲੋਂ ਇੱਕ ਜਾਂਚ ਕਮੇਟੀ ਬਣਾਈ ਗਈ ਸੀ ਜਿਸ ਨੇ ਪਿਛਲੇ ਹਫ਼ਤੇ ਹੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਸੀ । ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਰਿਪੋਰਟ ਜਥੇਦਾਰ ਗਿਆਨ ਰਘਬੀਰ ਸਿੰਘ ਨੂੰ ਦਿੱਤੀ ਸੀ।
ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ‘ਤੇ SGPC ਦੀ ਪੜਤਾਲ ਰਿਪੋਰਟ ‘ਤੇ ਵਿਚਾਰ ਕੀਤਾ ਗਿਆ । ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕੀਤੀ ਗਈ । ਜੁੱਤੀਆਂ ਸਮੇਤ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਮਰਿਆਦਾ ਨੂੰ ਭੰਗ ਕੀਤਾ ਗਿਆ । ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿੱਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।
ਜਥੇਦਾਰ ਸਾਹਿਬ ਨੇ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ,ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।