ਬਿਉਰੋ ਰਿਪੋਰਟ – ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਦੇ ਵੱਲੋਂ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਰੋਕ ਲਗਾਉਣ ਦੀ ਮੰਗ ਤੋਂ ਬਾਅਦ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਫਿਲਮ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ ।
ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ‘ਐਮਰਜੈਂਸੀ’ ਫਿਲਮ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ । ਇਸ ਨਾਲ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਕ ਪਾਸੇ 1980-90 ਦੇ ਦਹਾਕੇ ਦੌਰਾਨ ਸਰਕਾਰ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕਰਕੇ ਲਾਸ਼ਾਂ ਨੂੰ ਖੁਰਦ-ਬੁਰਦ ਕਰਨ ਦੇ ਅਣਮਨੁੱਖੀ ਵਰਤਾਰੇ ਨੂੰ ਬੇਪਰਦ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ਵਿਚ 80 ਤੋਂ ਵੱਧ ਕੱਟ ਲਗਾਉਣ ਤੋਂ ਬਾਅਦ ਵੀ ਭਾਰਤੀ ਸੈਂਸਰ ਬੋਰਡ ਵਲੋਂ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ । ਜਦਕਿ 1947 ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤਾਂ ਵਲੋਂ ਸਿੱਖਾਂ ਨਾਲ ਕੀਤੀਆਂ ਬੇਇਨਸਾਫੀਆਂ ਦੇ ਸੰਦਰਭ ਨੂੰ ਅੱਖੋਂ-ਪਰੋਖੇ ਕਰਕੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ‘ਐਮਰਜੈਂਸੀ’ ਫਿਲਮ ਨੂੰ ਪ੍ਰਵਾਨਗੀ ਦੇ ਕੇ ਸਿੱਧੇ ਤੌਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹਾਲਾਤ ਬਣਾਏ ਜਾ ਰਹੇ ਹਨ।
ਜਥੇਦਾਰ ਸਾਹਿਬ ਨੇ ਕਿਹਾ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ‘ਤੇ ਸਰਕਾਰ ਹੋਵੇਗੀ।
ਉਧਰ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਨੂੰ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ ‘ਤੇ ਤੁਰੰਤ ਰੋਕ ਲਗਾਉਣ ਚਾਹੀਦੀ ਹੈ। ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਜੂਨ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਜੂਨ 1984 ਦਾ ਸਿੱਖ ਵਿਰੋਧੀ ਕਰੂਰ ਕਾਰਾ ਕੌਮ ਕਦੇ ਨਹੀਂ ਭੁੱਲ ਸਕਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ । ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਕੰਗਨਾ ਰਣੌਤ ਵੱਲੋਂ ਅਕਸਰ ਹੀ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਪ੍ਰਗਟਾਵੇ ਕੀਤੇ ਜਾਂਦੇ ਹਨ ਪਰ ਸਰਕਾਰ ਉਸ ਉੱਤੇ ਕਾਰਵਾਈ ਕਰਨ ਦੀ ਥਾਂ ਉਸਦੀ ਪੁਸ਼ਤਪਨਾਹੀ ਕਰ ਰਹੀ ਹੈ। ਸਰਕਾਰ ਕੰਗਨਾ ਰਣੌਤ ਵੱਲੋਂ ਐਮਰਜੰਸੀ ਫਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰੇ।
SGPC ਪ੍ਰਧਾਨ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਪਾਸੋ ਕੰਗਨਾ ਰਣੌਤ ਦੀ ਐਮਰਜੰਸੀ ਫਿਲਮ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦਾ ਹਾਂ ਅਤੇ ਉਹ ਇਹ ਯਕੀਨੀ ਬਣਾਉਣ ਕਿ ਸਿੱਖ ਵਿਰੋਧੀ ਭਾਵਨਾ ਨਾਲ ਬਣੀ ਕੋਈ ਵੀ ਫਿਲਮ ਜਾਰੀ ਨਾ ਹੋਵੇ। ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਸ਼ਾਮਲ ਕਰਨਾ ਅਤਿ ਜ਼ਰੂਰੀ ਹੈ, ਕਿਉਂਕਿ ਇੱਕ ਸਿੱਖ ਮੈਂਬਰ ਦੀ ਗੈਰ-ਮੌਜੂਦਗੀ ਕਾਰਨ ਹੀ ਇੱਕਪਾਸੜ ਫੈਸਲੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਆਪਣੇ ਜਨਰਲ ਇਜਲਾਸ ਵਿੱਚ ਮਤੇ ਪਾਸ ਕਰਕੇ ਇਹ ਮੰਗ ਕਰ ਚੁੱਕੀ ਹੈ ਕਿ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦਾ ਇੱਕ ਨੁਮਾਇੰਦਾ ਜ਼ਰੂਰ ਸ਼ਾਮਲ ਕੀਤਾ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਇਸ ਉੱਤੇ ਅਮਲ ਨਹੀਂ ਕਰ ਰਹੀ। ਇਸ ਫਿਲਮ ਉੱਤੇ ਰੋਕ ਲਗਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਫਿਲਮ ਦੇ ਜਾਰੀ ਹੋਣ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਅਤੇ ਰੋਹ ਪੈਦਾ ਹੋਣਾ ਕੁਦਰਤੀ ਹੈ।