‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਜਥੇਦਾਰ ਰਣਜੀਤ ਸਿੰਘ ਨੇ SGPC ਦੀਆਂ ਚੋਣਾਂ ਨੂੰ ਲੈ ਕੇ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਦੇ ਘਰ ਤੱਕ ਰੋਸ ਮਾਰਚ ਕੱਢਣ ਦੀ ਚਿਤਾਵਨੀ ਦਿੱਤੀ ਹੈ। ਰਾਜਪਾਲ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। ਜਥੇਦਾਰ ਨੇ ਹਿਰਖ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਏ ਨੂੰ 12 ਸਾਲ ਹੋ ਚੁੱਕੇ ਹਨ ਅਤੇ ਚੋਣਾਂ ਨਾ ਹੋਣ ਕਰਕੇ SGPC ਦਾ ਅਰਬਾਂ ਦਾ ਬਜਟ ਖਰਾਬ ਹੋ ਰਿਹਾ ਹੈ।

ਜਥੇਦਾਰ ਨੇ ਕਿਹਾ ਕਿ ਆਪ ਸਰਕਾਰ ਨੇ ਹਾਲੇ ਤੱਕ ਚੋਣ ਕਮਿਸ਼ਨ ਨੂੰ ਕੰਮ ਕਰਨ ਲਈ ਸਟਾਫ਼ ਨਹੀਂ ਦਿੱਤਾ। ਇਸ ਲਈ ਜਦੋਂ ਸਟਾਫ਼ ਹੀ ਨਹੀਂ ਦਿੱਤਾ ਗਿਆ ਤਾਂ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਕਦੋਂ ਬਣਨਗੀਆਂ ਤੇ ਕਦੋਂ ਚੋਣ ਹੋਵੇਗੀ। ਉਨ੍ਹਾਂ ਨੇ ਦੋਵਾਂ ਸਰਕਾਰਾਂ ਉੱਤੇ ਸਿੱਖਾਂ ਨਾਲ ਧੱਕਾ ਕਰਨ ਦੇ ਦੋਸ਼ ਲਾਏ।

ਇਸਦੇ ਨਾਲ ਹੀ ਜਥੇਦਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ। ਬਾਦਲ ਪਰਿਵਾਰ ਉੱਤੇ ਵਰ੍ਹਦਿਆਂ ਜਥੇਦਾਰ ਨੇ ਕਿਹਾ ਕਿ ਜਦੋਂ ਬਾਦਲ ਕਹਿੰਦੇ ਹਨ, ਉਦੋਂ ਹੀ ਸ਼੍ਰੋਮਣੀ ਕਮੇਟੀ ਦੀ ਚੋਣ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਬਾਦਲ ਪਰਿਵਾਰ ਤੋਂ ਨਰਾਜ਼ ਚੱਲ ਰਹੇ ਹਨ। ਇਸ ਲਈ ਚੋਣਾਂ ਤੋਂ ਬਾਅਦ ਬਾਦਲ ਦੇ ਪਿਆਰੇ ਚਲੇ ਜਾਣਗੇ, ਗੁਰੂ ਦੇ ਪਿਆਰੇ ਰਹਿ ਜਾਣਗੇ।