Punjab Religion

ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ‘ਤੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਕਹੀ ਇਹ ਗੱਲ

Jathedar said this to the Punjab government on Amritpal Singh's hunger strike

ਅੰਮ੍ਰਿਤਸਰ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਪ੍ਰਤੀ ਸਰਕਾਰ ਦੇ ਵੱਖਰੇ ਰਵੱਈਏ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ।

ਜਥੇਦਾਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਭੁੱਖ ਹੜਤਾਲ ਸ਼ੁਰੂ ਕੀਤਿਆਂ ਇਕ ਹਫ਼ਤਾ ਹੋ ਚੱਲਿਆ ਹੈ ਪਰ ਅਜੇ ਤੱਕ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਗੱਲ ਸੁਣਨ ਤੱਕ ਨਹੀਂ ਆਇਆ ਜਦੋਂ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ 16 ਫਰਵਰੀ ਤੋਂ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲ਼ਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਣ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕੋਈ ਜੁਰਮ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਅੰਮ੍ਰਿਤਧਾਰੀ ਬਣਨ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਹੀ ਚਲਾਈ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਫੜ ਕੇ ਪੰਜਾਬ ਤੋਂ ਸੈਂਕੜੇ ਮੀਲਾਂ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਕਰਨਾ ਹੀ ਇਕ ਵੱਡਾ ਧੱਕਾ ਸੀ ਪਰ ਹੁਣ ਜੇਲ੍ਹ ਵਿਚ ਵੀ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨਾਲ ਹਿੰਸਾ ਕਰਨ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਜਥੇਦਾਰ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

ਰਘਬੀਰ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੋਈ ਵੀ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।