325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ ਤੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਉੱਪਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖ਼ਾਲਸਈ ਪਰਚਮ ਝੁਲਾਇਆ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਇਹ ਦਿਹਾੜਾ ਸਿੱਖ ਪੰਥ ਦਾ ਇਕ ਕੌਮੀ ਪ੍ਰਣ ਦਿਵਸ ਵੀ ਹੈ, ਜਿਸ ਨੂੰ ਪੂਰੇ ਜਾਹੋ-ਜਲਾਲ ਅਤੇ ਚੜ੍ਹਦੀਕਲਾ ਨਾਲ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਤਰ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਹਕੂਮਤ ਦੁਆਰਾ 1978 ਦੀ ਵਿਸਾਖੀ ਵਾਲੇ ਦਿਨ ‘ਗੁਰੂ ਗ੍ਰੰਥ-ਗੁਰੂ ਪੰਥ’ ਉੱਤੇ ਅਸਹਿਣਯੋਗ ਹਮਲੇ ਤੋਂ ਸ਼ੁਰੂ ਕੀਤਾ ਗਿਆ ਸਿੱਖਾਂ ਦਾ ਘਾਣ ਕਰਨ ਦਾ ਸਿਲਸਿਲਾ ਅੱਜ ਤੱਕ ਬਾਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਹਕੂਮਤੀ ਜਬਰ ਦਾ ਮੁਕਾਬਲਾ ਆਪਸੀ ਏਕਤਾ-ਇਤਫਾਕ ਤੋਂ ਬਗੈਰ ਨਹੀਂ ਕੀਤਾ ਜਾ ਸਕਦਾ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1984 ਦੇ ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲੇ ਤੋਂ ਬਾਅਦ ਸਿੱਖ ਮਾਨਸਿਕਤਾ ਵਿੱਚ ਪੈਦਾ ਹੋਏ ਰੋਸ ਤੇ ਰੋਹ ਨੂੰ ਦਬਾਉਣ ਲਈ ਹਕੂਮਤ ਵਲੋਂ ਲੱਖਾਂ ਦੀ ਗਿਣਤੀ ਵਿਚ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ-ਮੁਕਾਇਆ ਗਿਆ ਅਤੇ ਵੱਡੀ ਗਿਣਤੀ ਨੌਜਵਾਨਾਂ ਨੂੰ ਕਾਲੇ ਕਾਨੂੰਨਾਂ ਤਹਿਤ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਹਕੂਮਤ ਦੇ ਜਬਰ ਵਿਰੁੱਧ ਸੰਘਰਸ਼ ਲੜਣ ਵਾਲੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਜ਼ਾਵਾਂ ਤੋਂ ਦੁਗਣੀਆਂ ਕੈਦਾਂ ਕੱਟਣ ਤੋਂ ਬਾਅਦ ਵੀ ਹਕੂਮਤ ਵਲੋਂ ਰਿਹਾਅ ਨਾ ਕਰਨਾ ਖ਼ਾਲਸਾ ਪੰਥ ਨਾਲ ਵੱਡੀ ਨਾ-ਇਨਸਾਫੀ ਹੈ।
ਉਨ੍ਹਾਂ ਆਖਿਆ ਕਿ ਅੱਜ ਵੀ ਸਿੱਖ ਨੌਜਵਾਨਾਂ ਦੇ ਮਨਾਂ ਅੰਦਰ ਦਹਿਸ਼ਤ ਪੈਦਾ ਕਰਨ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਰੋਕਣ ਲਈ ਸਿੱਖ ਨੌਜਵਾਨਾਂ ਨੂੰ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਬਰੂਗੜ੍ਹ ਵਰਗੀਆਂ ਜੇਲ੍ਹਾਂ ਵਿੱਚ ਕੈਦ ਕੀਤਾ ਹੋਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੀ ਗਈ ਫੜੋ-ਫੜੀ ਸਿੱਖਾਂ ਦੀ ਨਗਰ ਕੀਰਤਨ ਪਰੰਪਰਾ ਉੱਤੇ ਵੱਡਾ ਸਰਕਾਰੀ ਹਮਲਾ ਹੈ।