ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ ਬੀਤੇ ਕੁਝ ਦਿਨਾਂ ਦਰਮਿਆਨ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਜਿਹਨਾਂ ਨੇ ਪੰਥਕ ਸਫ਼ਾਂ ਚ ਤਰਥੱਲੀ ਮਚਾਈ ਹੋਈ ਸੀ।
ਲੰਘੇ ਦਿਨੀਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਚਾਲੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਹੋਈ ਬਹਿਸ ਦੀ ਹੋਰ ਵੀਡੀਓ ਜਨਤਕ ਹੋਈ ਸੀ ਅਤੇ ਇਸ ਇਕੱਤਰਤਾ ਦੌਰਾਨ ਬਹਿਸ ਦੀ ਇੱਕ ਹੋਰ ਵੀਡੀਓ 18 ਦਸੰਬਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਪਿਛਲੇ ਸਾਲ ਅਕਤੂਬਰ ਮਹੀਨੇ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖਤ ਵਿਖੇ ਇਕੱਤਰਤਾ ਹੋਈ ਸੀ ਜਿਸ ਤੋਂ ਲਗਪਗ ਚਾਰ ਮਹੀਨੇ ਮਗਰੋਂ ਵਿਰਸਾ ਸਿੰਘ ਵਲਟੋਹਾ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਬਹਿਸ ਦੀ ਹੁਣ ਇਹ ਵੀਡੀਓ ਜਨਤਕ ਹੋਈ ਹੈ। ਇਹ ਕਿਵੇਂ ਜਨਤਕ ਹੋਈ, ਇਹ ਭੇਦ ਬਣਿਆ ਹੋਇਆ ਹੈ।
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਦਾ ਵਫਦ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ’ਚ ਜਾਅਲੀ ਵੋਟਾਂ ਬਣਾਉਣ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਸੁਖਬੀਰ ਬਾਦਲ ਦੀ ਅਗਵਾਈ ਚ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰਨ ਪੁੱਜਿਆ ਹੈ। ਲੰਘੇ ਕੱਲ੍ਹ ਹੋਈ ਮੀਟਿੰਗ ਵਿੱਚ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੇ ਪੱਧਰ ’ਤੇ ਹੇਰਾ-ਫੇਰੀ ਕੀਤੀ ਜਾ ਰਹੀ ਹੈ ਅਤੇ ਵੋਟਰ ਲਿਸਟਾਂ ਵਿਚ ਗੈਰ-ਸਿੱਖਾਂ ਨੂੰ ਮੈਂਬਰ ਬਣਾਇਆ ਗਿਆ ਹੈ।
ਇਨ੍ਹਾਂ ਚੋਣਾਂ ਲਈ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਲਿਸਟਾਂ ’ਚੋਂ ਨਾਂ ਚੁੱਕ ਕੇ ਇਨ੍ਹਾਂ ਵਿੱਚ ਸ਼ਾਮਲ ਕਰ ਦਿੱਤੇ ਗਏ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਵੀ ਮੰਗ ਕੀਤੀ ਸੀ।