The Khalas Tv Blog Punjab ਜਥੇਦਾਰ ਦੀ ਨੌਜਵਾਨਾਂ ਨੂੰ ਖਾਸ ਅਪੀਲ , ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਬਣਨ ਨੌਜਵਾਨ
Punjab Religion

ਜਥੇਦਾਰ ਦੀ ਨੌਜਵਾਨਾਂ ਨੂੰ ਖਾਸ ਅਪੀਲ , ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਬਣਨ ਨੌਜਵਾਨ

Jathedar's special appeal to the youth

ਜਥੇਦਾਰ ਦੀ ਨੌਜਵਾਨਾਂ ਨੂੰ ਖਾਸ ਅਪੀਲ , ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਬਣਨ ਨੌਜਵਾਨ

‘ਦ ਖ਼ਾਲਸ ਬਿਊਰੋ :  ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ (  Jathedar of Shri Akal Takht Sahib )  ਨੇ ਸਿੱਖ ਕੌਮ ਦੇ ਨਾਂ ਆਪਣਾ ਸੰਦੇਸ਼ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤਿਆਗਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਦਾ ਕੋਈ ਵੀ ਪੰਨਾ ਅਜਿਹਾ ਨਹੀਂ ਹੈ, ਜਿਸ ਵਿੱਚ ਸ਼ਹਾਦਤਾਂ ਦਾ ਜ਼ਿਕਰ ਨਾ ਹੋਵੇ ਤੇ ਪੋਹ ਦੇ ਮਹੀਨੇ ਦਾ ਇਹ ਪੰਦਰਵਾੜਾ ਸਿੱਖ ਕੌਮ ਲਈ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਉਹ ਸਾਬਤ ਸੂਰਤ ਬਣਨ ਅਤੇ ਨਸ਼ਿਆਂ ਵਰਗੀ ਬੁਰਾਈ ਦਾ ਤਿਆਗ ਕਰਕੇ ਗੁਰੂਆਂ ਵੱਲੋਂ ਦੱਸੇ ਮਾਰਗ ’ਤੇ ਤੁਰਨ। ਇਸ ਮੌਕੇ ਉਨ੍ਹਾਂ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕੀਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸ਼ਹੀਦੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਸੰਗਤ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਕੀਤੇ ਤੇ ਮਗਰੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਤੇ ਢਾਡੀ ਵਾਰਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਵੱਸਦੀ ਸੰਗਤ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10 ਵਜੇ 10 ਮਿੰਟਾਂ ਲਈ ਮੂਲ ਮੰਤਰ ਦੇ ਜਾਪ ਨਾਲ ਜੁੜਨ।

Exit mobile version