ਬਿਉਰੋ ਰਿਪੋਰਟ: ਜਿਣਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਅਦਾਲਤ ਤੋਂ ਸੱਤ ਦਿਨਾਂ ਦੀ ਪੈਰੋਲ ਮਿਲ ਗਈ ਹੈ। ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਇਲਾਜ ਲਈ ਪੈਰੋਲ ਦਿੱਤੀ ਹੈ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਇਹ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਹਿਰਾਸਤ ’ਚ ਇਲਾਜ ਲਈ ਮਹਾਰਾਸ਼ਟਰ ਜਾਣਗੇ। ਇਲਾਜ ਮਹਾਰਾਸ਼ਟਰ ਵਿੱਚ ਹੋਵੇਗਾ। ਹਾਈ ਕੋਰਟ ਦੇ ਜਸਟਿਸ ਡਾ: ਪੁਸ਼ਪੇਂਦਰ ਸਿੰਘ ਭਾਟੀ ਦੀ ਡਿਵੀਜ਼ਨ ਬੈਂਚ ਨੇ ਅੰਤਰਿਮ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਾਲ ਹੀ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੋਧਪੁਰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮੈਡੀਕਲ ਜਾਂਚ ਤੋਂ ਬਾਅਦ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਖਰਾਬ ਸਿਹਤ ਦੀ ਸੂਚਨਾ ਮਿਲਦੇ ਹੀ ਹਸਪਤਾਲ ਦੇ ਆਲੇ-ਦੁਆਲੇ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਪੁਲਿਸ ਨੂੰ ਤਾਇਨਾਤ ਕੀਤਾ ਗਿਆ।
ਜਾਣਕਾਰੀ ਮੁਤਾਬਕ ਆਸਾਰਾਮ ਨੂੰ ਸ਼ੁੱਕਰਵਾਰ ਸ਼ਾਮ ਨੂੰ ਛਾਤੀ ’ਚ ਦਰਦ ਮਹਿਸੂਸ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਹਸਪਤਾਲ ਲਿਜਾਇਆ ਗਿਆ। ਉੱਥੇ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।