ਬਿਉਰੋ ਰਿਪੋਰਟ (ਨਵੀਂ ਦਿੱਲੀ): ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (PHANA) ਦੁਆਰਾ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ (AB-PMJA) ਯੋਜਨਾ ਨੂੰ ਰੋਕਣ ਦੀ ਨਿਖੇਧੀ ਕੀਤੀ ਹੈ। ਇਸ ਸਕੀਮ ਤੋਂ ਇਲਾਵਾ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਕੈਸ਼ਲੈਸ ਇਲਾਜ ਵੀ ਬੰਦ ਕਰ ਦਿੱਤਾ ਗਿਆ ਹੈ। PHANA ਨੇ ਇਹ ਫੈਸਲਾ ਸੂਬਾ ਸਰਕਾਰ ਵੱਲੋਂ 600 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਲਿਆ ਹੈ। ਹਾਲਾਂਕਿ ਪੰਜਾਬ ਦੇ ਸਿਹਤ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲ ਸਿਰਫ਼ 10 ਫੀਸਦੀ ਹੀ ਬਕਾਇਆ ਬਾਕੀ ਹੈ।
ਫਾਨਾ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਭਰ ਦੀਆਂ ਪ੍ਰਾਈਵੇਟ ਸਿਹਤ ਸਹੂਲਤਾਂ ਤਾਂ ਹੀ ਇਨ੍ਹਾਂ ਸਕੀਮਾਂ ਵਿੱਚ ਹਿੱਸਾ ਲੈਣਗੀਆਂ ਜੇ ਸੂਬਾ ਸਰਕਾਰ ਵੱਲੋਂ ਬਕਾਇਆ ਕਲੀਅਰ ਕੀਤਾ ਜਾਵੇਗਾ। ਕੇਂਦਰੀ ਸਿਹਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਵਿੱਚ ਇਨ੍ਹਾਂ ਘਟਨਾਵਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਆਯੁਸ਼ਮਾਨ ਭਾਰਤ ਦੀ ਸ਼ੁਰੂਆਤ ਆਰਥਿਕ ਤੌਰ ’ਤੇ ਪਛੜੇ ਪਰਿਵਾਰਾਂ ਨੂੰ ਯਕੀਨੀ ਮੈਡੀਕਲ ਕਵਰ ਨਾਲ ਸਹਾਇਤਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਮੁਫ਼ਤ ਸਿਹਤ ਸੇਵਾਵਾਂ ਤੋਂ ਵਾਂਝੇ ਹੋ ਗਏ ਹਨ।
ਨੱਡਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੇ ਸਵਾਲ
ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਕਰਦਿਆਂ ਜੇਪੀ ਨੱਡਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਦਾ ਬਕਾਇਆ ਕਿਉਂ ਨਹੀਂ ਦਿੱਤਾ? ਚੋਣਾਂ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਬਿਹਤਰ ਕਲੀਨਿਕ ਅਤੇ ਸਿਹਤ ਕੇਂਦਰ ਮੁਹੱਈਆ ਕਰਵਾਏ ਜਾਣਗੇ। ਪਰ ਅੱਜ ਉਨ੍ਹਾਂ ਦੀ ਸਰਕਾਰ ਗਰੀਬਾਂ ਦੀ ਭਲਾਈ ਲਈ ਕੰਮ ਨਹੀਂ ਕਰ ਸਕਦੀ।
ਜੇਪੀ ਨੱਡਾ ਨੇ ਸੀਐਮ ਮਾਨ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਸੀਐਮ ਮਾਨ ਨੂੰ ਬੇਨਤੀ ਕਰਦੇ ਹਨ ਕਿ ਹਸਪਤਾਲਾਂ ਦੇ ਬਕਾਏ ਜਲਦ ਤੋਂ ਜਲਦ ਅਦਾ ਕੀਤੇ ਜਾਣ। ਕਿਉਂਕਿ ਬਹੁਤ ਸਾਰੇ ਪਰਿਵਾਰ, ਖਾਸ ਕਰਕੇ ਸਾਡੇ ਮਿਹਨਤੀ ਕਿਸਾਨ ਆਯੁਸ਼ਮਾਨ ਭਾਰਤ ਪ੍ਰੋਗਰਾਮ ਦੇ ਤਹਿਤ ਲਾਭ ਲੈ ਰਹੇ ਹਨ। ਦਿੱਲੀ ਵਿਚ ਪਾਰਟੀ ਇਕਾਈ ਨੂੰ ਖੁਸ਼ ਕਰਨ ਦੀ ਬਜਾਏ, ਮੁੱਖ ਮੰਤਰੀ ਮਾਨ ਪੰਜਾਬ ਦੇ ਵਿਗੜ ਰਹੇ ਹਾਲਾਤਾਂ ’ਤੇ ਧਿਆਨ ਕੇਂਦਰਿਤ ਕਰਨ ਤਾਂ ਚੰਗਾ ਹੋਵੇਗਾ।