ਚੰਡੀਗੜ੍ਹ : ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਜਸਟਿਸ ਨਾਗੂ ਇੱਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ।
ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਭੰਸਾਲੀ ਨੂੰ ਇਲਾਹਾਬਾਦ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਬਣਾਇਆ ਗਿਆ ਹੈ। ਸੁਪਰੀਮ ਕੋਰਟ ਕਾਲੇਜੀਅਮ ਨੇ ਬੁੱਧਵਾਰ ਨੂੰ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਜਸਟਿਸ ਭੰਸਾਲੀ ਜਸਟਿਸ ਪ੍ਰੀਤਿੰਕਰ ਦਿਵਾਕਰ ਦੀ ਥਾਂ ਲੈਣਗੇ, ਜੋ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਨ ਅਤੇ ਹਾਲ ਹੀ ਵਿੱਚ ਸੇਵਾਮੁਕਤ ਹੋਏ ਹਨ। ਜਸਟਿਸ ਅਰੁਣ ਭੰਸਾਲੀ ਨੂੰ 8 ਜਨਵਰੀ 2013 ਨੂੰ ਰਾਜਸਥਾਨ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।