India

ਜਸਟਿਸ ਸੂਰਿਆ ਕਾਂਤ ਬਣੇ ਦੇਸ਼ ਦੇ 53ਵੇਂ CJI, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਾਈ ਸਹੁੰ

ਬਿਊਰੋ ਰਿਪੋਰਟ (ਨਵੀਂ ਦਿੱਲੀ, 24 ਨਵੰਬਰ 2025): ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਦੇਸ਼ ਦੇ 53ਵੇਂ ਮੁੱਖ ਜੱਜ (CJI) ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਰਸਮੀ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਸੂਰਿਆ ਕਾਂਤ ਦਾ ਕਾਰਜਕਾਲ 14 ਮਹੀਨਿਆਂ ਦਾ ਹੋਵੇਗਾ।

ਸਹੁੰ ਚੁੱਕਣ ਤੋਂ ਤੁਰੰਤ ਬਾਅਦ, ਸੀ.ਜੇ.ਆਈ. ਸੂਰਿਆ ਕਾਂਤ ਨੇ ਇੱਕ ਭਾਵੁਕ ਪਲ ਵਿੱਚ ਆਪਣੇ ਮਾਤਾ-ਪਿਤਾ ਦੇ ਪੈਰ ਛੂਹੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ।

ਸਹੁੰ ਚੁੱਕ ਸਮਾਗਮ ਤੋਂ ਬਾਅਦ, ਸੀ.ਜੇ.ਆਈ. ਸੂਰਿਆ ਕਾਂਤ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਹੋਰ ਪਤਵੰਤਿਆਂ ਨਾਲ ਮੁਲਾਕਾਤ ਕੀਤੀ ਅਤੇ ਉਹ ਸਾਬਕਾ ਸੀ.ਜੇ.ਆਈ. ਬੀ.ਆਰ. ਗਵਈ ਨੂੰ ਗਲੇ ਮਿਲੇ।

ਇਤਿਹਾਸਕ ਅੰਤਰਰਾਸ਼ਟਰੀ ਪ੍ਰਤੀਨਿਧਤਾ

ਭਾਰਤੀ ਨਿਆਂ ਪ੍ਰਣਾਲੀ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ ਜਦੋਂ ਕਿਸੇ ਸੀ.ਜੇ.ਆਈ. ਦੇ ਸਹੁੰ ਚੁੱਕ ਸਮਾਗਮ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਨਿਆਂਇਕ ਪ੍ਰਤੀਨਿਧੀ ਮੰਡਲ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ ਬ੍ਰਾਜ਼ੀਲ ਸਮੇਤ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ੍ਰੀਲੰਕਾ ਦੇ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਰਾਸ਼ਟਰਪਤੀ ਭਵਨ ਪਹੁੰਚੇ।