ਕੰਗਨਾ ਰਣੌਤ ਦੀ ਵਿਵਾਦਤ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ, ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ 5 ਤੋਂ 10 ਸ਼ੋਅ ਦਿਖਾਏ ਜਾ ਰਹੇ ਹਨ। ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਤੇ ਇਤਿਹਾਸਕ ਤੱਥਾਂ ਨੂੰ ਕਥਿਤ ਤੌਰ ‘ਤੇ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।
ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ, ਇਕ ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅੱਜ ਸਾਡਾ ਵਿਰੋਧ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ ਹੈ। ਇਸ ਫ਼ਿਲਮ ਵਿਚ ਸਿੱਖ ਧਰਮ ਦੇ ਇਤਿਹਾਸ ਅਤੇ 1984 ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਫ਼ਿਲਮ ਦਾ ਟੀਜ਼ਰ ਆਉਣ ’ਤੇ ਇਸ ਦਾ ਵਿਰੋਧ ਕੀਤਾ ਸੀ, ਪਰ ਸਰਕਾਰ ਨੇ ਇਸ ਦੇ ਵਿਰੁੱਧ ਕੁਝ ਨਹੀਂ ਕੀਤਾ।
ਸੈਂਸਰ ਬੋਰਡ ਨੇ ਇਸ ਨੂੰ ਰੋਕਣ ਦੀ ਬਜਾਏ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਅਤੇ ਫ਼ਿਲਮ ਦੀ ਰਿਲੀਜ਼ ਦਾ ਪ੍ਰੋਗਰਾਮ ਪੂਰਾ ਹੋ ਗਿਆ। ਸ਼੍ਰੋਮਣੀ ਕਮੇਟੀ ਨੇ ਖੁਦ ਹੀ ਕਾਰਵਾਈ ਕਰਦੇ ਹੋਏ ਫ਼ਿਲਮ ਦੀ ਸਕ੍ਰੀਨਿੰਗ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਸਿਨੇਮਾ ਮਾਲਕਾਂ ਨੇ ਅੱਜ ਫ਼ਿਲਮ ਨਹੀਂ ਲਗਾਈ ਪਰ ਸਾਨੂੰ ਅੱਗੇ ਦੇਖਣਾ ਪਵੇਗਾ। ਜੇਕਰ ਇਹ ਇਸੇ ਤਰ੍ਹਾਂ ਚੱਲਦਾ ਰਿਹਾ, ਤਾਂ ਇਹ ਠੀਕ ਹੈ, ਨਹੀਂ ਤਾਂ ਫ਼ਿਲਮ ਰਿਲੀਜ਼ ਹੋਣ ’ਤੇ ਇਸ ਵਿਰੋਧ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ, ਕਿਉਂਕਿ ਅਸੀਂ ਮੁੱਖ ਮੰਤਰੀ ਨੂੰ ਵੀ ਲਿਖਿਆ ਸੀ, ਪਰ ਉਨ੍ਹਾਂ ਵਲੋਂ ਵੀ ਕੋਈ ਜਵਾਬ ਨਹੀਂ ਆਇਆ ਹੈ।
- ਭਾਜਪਾਈ ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਥਿਤ ਇਕ ਸਿਨੇਮਾ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
- ਅੰਮ੍ਰਿਤਸਰ ਸ਼ਹਿਰ ਦੇ ਇਕ ਵੱਡੇ ਸਿਨੇਮਾ ਘਰ ਦੇ ਬਾਹਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੇ ਹੋਰਨਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੈਨੇਜਰ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਸ਼ਾਮਿਲ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ਼ਹਿਰ ਦੇ ਦੋ ਹੋਰ ਸਿਨੇਮਾ ਘਰਾਂ ਦੇ ਬਾਹਰ ਵੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਫ਼ਿਲਮ ਪੰਜਾਬ ਵਿਚ ਰਿਲੀਜ਼ ਨਹੀਂ ਕਰਨ ਦਿੱਤੀ ਜਾਵੇਗੀ।
- ਬਾਉਲੀ ਸਾਹਿਬ ਨਡਾਲਾ ਦੇ ਮੈਨੇਜਰ ਸੁਖਵਿੰਦਰ ਸਿੰਘ ਬੱਸੀ ਦੀ ਅਗਵਾਈ ਹੇਠ, ਜਲੰਧਰ ਦੇ ਵੱਖ ਵੱਖ ਸਿਨੇਮਾਘਰਾਂ ਅੱਗੇ ਫ਼ਿਲਮ ‘ਐਮਰਜੈਂਸੀ ’ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਜੇ ਇਹ ਫ਼ਿਲਮ ਅੱਜ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਣਾ ਕੁਦਰਤੀ ਹੈ।
- ਧਿਆਣਾ ਦੇ ਸਿਨੇਮਾ ਘਰਾਂ ਦੇ ਬਾਹਰ ਸਿੱਖ ਸੰਗਠਨਾਂ ਵਲੋਂ ਇਸ ਫ਼ਿਲਮ ਦਾ ਸਖਤ ਤੌਰ ਤੇ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਕਰ ਰਹੇ ਸਿੱਖ ਸੰਗਠਨਾਂ ਦੇ ਆਗੂਆਂ ਨੇ ਕਿਹਾ ਇਸ ਫ਼ਿਲਮ ਨੂੰ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕੰਗਨਾ ਦੀ ਫ਼ਿਲਮ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਦੇ ਨਾਲ ਦਰਸ਼ਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ।
- ਸਿੱਖ ਸੰਗਤਾਂ ਵਲੋਂ ਸਥਾਨਕ ਫ਼ੇਜ਼ ਅੱਠ ਸਥਿਤ ਮੋਹਾਲੀ ਵਾਕ ਵਿਖੇ ਫ਼ਿਲਮ ਐਮਰਜੈਂਸੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਸੈਨਸਰ ਬੋਰਡ ਦੇ ਵੱਲੋਂ ਲਗਾਏ ਗਏ ਕੱਟਾਂ ਤੋਂ ਬਾਅਦ ਫਿਲਮ ਰਿਲੀਜ਼ ਨੂੰ ਮਨਜ਼ੂਰੀ ਦਿੱਤੀ ਗਈ ਸੀ । ਸਿੱਖ ਜਥੇਬੰਦੀਆਂ ਦਾ ਇਲਜ਼ਾਮ ਸੀ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਅਕਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ।