ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਹੈ। ਖਹਿਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਅਤੇ ਇਸ ਕਾਰਵਾਈ ਨੂੰ ਪੰਜਾਬ ਵਿੱਚ ‘ਪੁਲਿਸ ਸਟੇਟ’ ਦੀ ਸਥਾਪਨਾ ਦਾ ਸਬੂਤ ਦੱਸਿਆ। ਉਨ੍ਹਾਂ ਨੇ ਇਸ ਘਟਨਾ ਨੂੰ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ ਅਤੇ ਇਸ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਹੱਥ ਹੋਣ ਦਾ ਦੋਸ਼ ਲਗਾਇਆ।
ਖਹਿਰਾ ਨੇ ਕਿਹਾ ਕਿ ਮਜੀਠੀਆ ਦੇ ਘਰ 30 ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੇ ਬਿਨਾਂ ਕਿਸੇ ਪੂਰਵ ਸੂਚਨਾ ਜਾਂ ਵਾਰੰਟ ਦੇ ਦਾਖਲ ਹੋ ਕੇ ਛਾਪੇਮਾਰੀ ਕੀਤੀ, ਜਿੱਥੇ ਉਨ੍ਹਾਂ ਦਾ ਪਰਿਵਾਰ, ਬੱਚੇ ਅਤੇ ਬਜ਼ੁਰਗ ਮੌਜੂਦ ਸਨ। ਉਨ੍ਹਾਂ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਡਰਾਉਣੀ ਕਾਰਵਾਈ ਕਰਾਰ ਦਿੱਤਾ, ਜਿਸ ਦਾ ਮਕਸਦ ਸਿਆਸੀ ਵਿਰੋਧੀਆਂ ਨੂੰ ਦਬਾਉਣਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਅਧੀਨ ਪੰਜਾਬ ਵਿੱਚ ਪੁਲਿਸ ਰਾਜ ਸਥਾਪਤ ਹੋ ਗਿਆ ਹੈ, ਜਿੱਥੇ ਝੂਠੇ ਮੁਕਾਬਲੇ, ਨੌਜਵਾਨਾਂ ’ਤੇ ਥਰਡ-ਡਿਗਰੀ ਤਸ਼ੱਦਦ ਅਤੇ ਸਿਆਸੀ ਬਦਲਖੋਰੀ ਦੇ ਮੁਕੱਦਮੇ ਆਮ ਹੋ ਗਏ ਹਨ।
ਉਨ੍ਹਾਂ ਨੇ ਵਿਜੀਲੈਂਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਮਜੀਠੀਆ ’ਤੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ, ਤਾਂ ਵਿਜੀਲੈਂਸ ਨੂੰ ਕਾਨੂੰਨੀ ਤਰੀਕੇ ਨਾਲ ਜਾਂਚ ਕਰਨੀ ਚਾਹੀਦੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਮਜੀਠੀਆ ਦੀ ਜਾਇਦਾਦ, ਬੈਂਕ ਅਕਾਊਂਟਸ ਅਤੇ ਵਿੱਤੀ ਵੇਰਵਿਆਂ ਦੀ ਪੂਰੀ ਪੜਤਾਲ ਕਰਕੇ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਜਾਣ।
ਖਹਿਰਾ ਨੇ ਮਾਨ ਸਰਕਾਰ ’ਤੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਬਦਲਖੋਰੀ ਦੀ ਸਿਆਸਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਵਿੱਚ ਕਈ ਝੂਠੇ ਮੁਕੱਦਮੇ ਦਰਜ ਕੀਤੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੇ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਸਰਕਾਰ ਨੇ ਕਦੇ ਵੱਡੇ ਭ੍ਰਿਸ਼ਟ ਅਧਿਕਾਰੀਆਂ ਜਾਂ ਆਈਏਐਸ ਅਫਸਰਾਂ ’ਤੇ ਕਾਰਵਾਈ ਕਿਉਂ ਨਹੀਂ ਕੀਤੀ, ਜਿਨ੍ਹਾਂ ਨੇ ਪੰਜਾਬ ਦੀ ਜਨਤਾ ਦਾ ਸੈਂਕੜੇ ਕਰੋੜ ਰੁਪਏ ਲੁੱਟਿਆ। ਖਹਿਰਾ ਨੇ ਕਿਹਾ ਕਿ ਸਰਕਾਰ ਪੁਲਿਸ ਅਤੇ ਅਮਲੇ ਦੀ ਆੜ ਵਿੱਚ ਸਿਰਫ਼ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਲੋਕਤੰਤਰ ਲਈ ਸ਼ਰਮਨਾਕ ਹੈ।
ਖਹਿਰਾ ਨੇ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਕਰਦਿਆਂ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਅਤੇ ਉਸ ਦੇ ਪਰਿਵਾਰ ਨੂੰ ਅਜਿਹੀ ਦਹਿਸ਼ਤ ਵਿੱਚ ਰੱਖਣਾ ਗਲਤ ਹੈ। ਉਨ੍ਹਾਂ ਨੇ ਮਜੀਠੀਆ ਦੀ ਪਤਨੀ ਅਤੇ ਬਜ਼ੁਰਗ ਮਾਤਾ-ਪਿਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਰਵਾਈ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਵਾਲੀ ਹੈ।
ਖਹਿਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਮਜੀਠੀਆ ਦੇ ਪਰਿਵਾਰ ਦੀ ਮਦਦ ਲਈ ਤਿਆਰ ਹਨ। ਜੇਕਰ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਤਾਂ ਉਹ ਜੇਲ੍ਹ ਵਿੱਚ ਜਾ ਕੇ ਉਸ ਨੂੰ ਮਿਲਣਗੇ। ਉਨ੍ਹਾਂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਇਸ ‘ਬਦਲੇ ਦੀ ਸਿਆਸਤ’ ਅਤੇ ‘ਪੁਲਿਸ ਰਾਜ’ ਵਿਰੁੱਧ ਅਵਾਜ਼ ਉਠਾਈ ਜਾਵੇ।