Punjab

ਖਹਿਰਾ ਨੇ ਪਰਵਾਸੀਆਂ ਖ਼ਿਲਾਫ਼ ਇਸ ਬਿੱਲ ‘ਤੇ ਵਿਧਾਨ ਸਭਾ ‘ਚ ਬਹਿਸ ਦੀ ਕੀਤੀ ਮੰਗ

ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਫਗਵਾੜੇ ਨੇੜੇ ਪਿੰਡ ਭੰਗੂਆਣਾ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਪੰਜ ਸਾਲ ਦੇ ਬੱਚੇ ਅਮਨਦੀਪ ਸਿੰਘ ਨਾਲ ਦੁਰਵਿਵਹਾਰ ਅਤੇ ਬੇਰਹਮੀ ਨਾਲ ਕਤਲ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਭੜਕਾਇਆ, ਜਿਸ ਕਾਰਨ ਨੇੜਲੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਖ਼ਤ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ।

ਖਹਿਰਾ ਨੇ ਕਿਹਾ ਕਿ ਬੱਚੇ ਦੀ ਭੈਣ ਦੇ ਜਜ਼ਬਾਤੀ ਬਿਆਨ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ। ਉਹ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਅਸਥੀਆਂ ਕੀਰਤਪੁਰ ਸਾਹਿਬ ਲਿਜਾਣ ਕਾਰਨ ਅਜਿਹਾ ਨਹੀਂ ਹੋ ਸਕਿਆ।ਖਹਿਰਾ ਨੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ 2023 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦੀ ਮੰਗ ਕੀਤੀ ਸੀ, ਜਿਸ ਵਿੱਚ ਹਿਮਾਚਲ ਪ੍ਰਦੇਸ਼ ਦੇ 1972 ਦੇ ਕਾਨੂੰਨ ਦਾ ਹਵਾਲਾ ਦਿੱਤਾ ਗਿਆ।

ਇਸ ਕਾਨੂੰਨ ਅਨੁਸਾਰ ਪ੍ਰਵਾਸੀਆਂ ਦੀ ਰਜਿਸਟ੍ਰੇਸ਼ਨ ਅਤੇ ਨਿਗਰਾਨੀ ਜ਼ਰੂਰੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਵਰਗੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਵਸ ਚੁੱਕੇ ਹਨ, ਪਰ ਸਰਕਾਰ ਕੋਲ ਉਨ੍ਹਾਂ ਦੀ ਗਿਣਤੀ ਜਾਂ ਰਿਕਾਰਡ ਦਾ ਕੋਈ ਪ੍ਰਬੰਧ ਨਹੀਂ।

ਉਨ੍ਹਾਂ ਨੇ ਸਵਾਲ ਉਠਾਇਆ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰੀਆਂ ਹੋ ਸਕਦੀਆਂ ਹਨ, ਜਿਨ੍ਹਾਂ ਦਾ ਪਤਾ ਨਹੀਂ ਚੱਲ ਸਕਿਆ।ਖਹਿਰਾ ਨੇ ਆਪਣੇ ਹਲਕੇ ਦੇ ਪਿੰਡ ਖਾਨਪੁਰ ਦੀ ਇੱਕ ਹੋਰ ਘਟਨਾ ਦਾ ਜ਼ਿਕਰ ਕੀਤਾ, ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਇੱਕ ਕਿਸਾਨ ਦੇ ਸਿਰ ’ਤੇ ਲੋਹੇ ਦੀਆਂ ਨਾੜਾਂ ਨਾਲ ਹਮਲਾ ਕੀਤਾ। ਉਸ ਨੂੰ ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ, ਪਰ ਸਰਕਾਰ ਕੋਲ ਅਜਿਹੇ ਪ੍ਰਵਾਸੀਆਂ ਦਾ ਕੋਈ ਰਿਕਾਰਡ ਨਹੀਂ।

ਖਹਿਰਾ ਨੇ ਭਗਵੰਤ ਮਾਨ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਇਸ ਮੁੱਦੇ ’ਤੇ ਗੱਲਬਾਤ ਕਰਨ ਦੀ ਅਪੀਲ ਕੀਤੀ, ਪਰ ਕੋਈ ਕਾਰਵਾਈ ਨਹੀਂ ਹੋਈ। ਖਹਿਰਾ ਨੇ ਮੰਗ ਕੀਤੀ ਕਿ ਉੱਤਰਾਖੰਡ, ਹਿਮਾਚਲ ਅਤੇ ਗੁਜਰਾਤ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਪ੍ਰਵਾਸੀਆਂ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ, ਜਿਸ ਅਨੁਸਾਰ ਪੰਜਾਬ ਵਿੱਚ ਪੱਕੇ ਤੌਰ ’ਤੇ ਵਸਣ ਵਾਲਿਆਂ ਨੂੰ ਰਜਿਸਟ੍ਰੇਸ਼ਨ ਅਤੇ ਨਿਯਮਾਂ ਦੀ ਪਾਲਣਾ ਕਰਨੀ ਹੋਵੇ।

ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ’ਤੇ ਗੈਰ-ਪੰਜਾਬੀਆਂ ਦਾ ਕਬਜ਼ਾ ਹੋ ਰਿਹਾ ਹੈ। ਖਹਿਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਪ੍ਰਾਈਵੇਟ ਮੈਂਬਰ ਬਿੱਲ ’ਤੇ ਬਹਿਸ ਕਰਨੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।