ਹਰਿਆਣਾ ਦੀਆਂ ਖਾਪ ਪੰਚਾਇਤਾਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਗਈਆਂ ਹਨ। ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ਵਿੱਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਇਸ ਸਬੰਧੀ 29 ਦਸੰਬਰ ਨੂੰ ਹਿਸਾਰ ਵਿੱਚ ਖਾਪ ਮਹਾਂਪੰਚਾਇਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਦੂਜੇ ਬੰਨੇ ਦਿੱਲੀ ਜਾਣ ਤੋਂ ਰੋਕੇ ਜਾਣ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਰਣਜੋਧ ਸਿੰਘ ਦੀ ਲਾਸ਼ ਵੀਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਗਈ। ਇੱਥੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਨ ਪੰਧੇਰ ਤੇ ਹੋਰ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਦੂਜੇ ਪਾਸੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ (19 ਦਸੰਬਰ) ਨੂੰ ਸੁਪਰੀਮ ਕੋਰਟ ਵਿੱਚ ਇੱਕ ਹੋਰ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ। ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।