Punjab

29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ’ਦੀਆਂ ਦੀ ਸ਼ੁਰੂਆਤ !

ਬਿਉਰੋ ਰਿਪੋਰਟ : ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਐਲਾਨ ਕਰ ਦਿੱਤਾ ਹੈ । ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਇਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਗਮ ਵਿੱਚ 6 ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿਚ ਲਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ‘ਖੇਡਾ ਵਤਨ ਪੰਜਾਬ ਦੀਆਂ’ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਢੁਕਵਾਂ ਮੰਚ ਪ੍ਰਦਾਨ ਕਰ ਰਹੀਆਂ ਹਨ। ਇਸ ਨਾਲ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾਅ ਸਕਦੀਆਂ ਹਨ।