ਬਿਊਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬੀਜੀਕੇ, ਬਸੰਤ ਸਿੰਘ,ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ । ਉਧਰ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਨਾ ਦੇਣ ‘ਤੇ ਅੰਮ੍ਰਿਤਪਾਲ ਸਿੰਘ ਪਤਨੀ ਨੇ ਨਰਾਜ਼ਗੀ ਜ਼ਾਹਿਰ ਕੀਤੀ ਹੈ ।
ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਵਕੀਲ ਨਵਕਿਰਨ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਅਰਜ਼ੀ ਦਾਇਰ ਕੀਤੀ ਸੀ । ਪਰ ਡੀਸੀ ਅੰਮ੍ਰਿਤਸਰ ਨੇ ਇਸ ਦੀ ਇਜਾਜ਼ਤ ਦੇਣ ਤੋਂ ਮਨਾ ਕਰ ਦਿੱਤਾ । ਕਿਰਨਦੀਪ ਕੌਰ ਨੇ ਕਿਹਾ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਫੋਨ ਕਰਨ ਦੀ ਇਜਾਜ਼ਤ ਨਹੀਂ ਸੀ ਜਦੋਂ ਵਿਰੋਧ ਕੀਤਾ ਪ੍ਰਸ਼ਾਸਨ ਸਹਿਮਤ ਹੋਇਆ ਹੁਣ ਵਕੀਲਾਂ ਨੂੰ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ । ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ।
NSA ਦੇ ਤਹਿਤ ਹੋਈ ਕਾਰਵਾਈ ਰੱਦ ਕਰਨ ਦੀ ਮੰਗ
ਪਟੀਸ਼ਨਕਰਤਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਲਈ 18 ਮਾਰਚ ਨੂੰ ਪੰਜਾਬ ਵਿੱਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਉਸੇ ਦਿਨ ਅੰਮ੍ਰਿਤਪਾਲ ਅਤੇ ਉਸ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ‘ਤੇ NSA ਲੱਗਾ ਦਿੱਤਾ ਗਿਆ ਸੀ ਅਤੇ ਅਸਾਮ ਭੇਜਿਆ ਗਿਆ ਸੀ । ਪਟੀਸ਼ਨਕਰਤਾ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਖਿਲਾਫ NSA ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਵਿੱਚ ਰੱਖੇ ਜਾਣ ਨੂੰ ਵੀ ਪਟੀਸ਼ਨ ਵਿੱਚ ਗੈਰ ਕਾਨੂੰਨੀ ਦਿੰਦੇ ਹੋਏ ਰਿਹਾ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ‘ਤੇ ਪਿਛਲੇ ਮਹੀਨੇ ਹੋਈ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ।
ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਵਿੱਚ ਕਾਰਵਾਈ
ਉਧਰ ਪਟੀਸ਼ਰਕਕਰਤਾ ‘ਤੇ ਇਲਜ਼ਾਮ ਹੈ ਕਿ ਉਹ 23 ਫਰਵਰੀ ਨੂੰ ਅਜਨਾਲਾ ਪੁਲਿਸ ਥਾਣੇ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸਨ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਹਮਾਇਤੀਆਂ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਭੜਕਾਇਆ ਸੀ ।