ਬਿਊਰੋ ਰਿਪੋਰਟ : 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਹੁਣ ਵੀ ਸਿੱਖ ਨਹੀਂ ਭੁੱਲੇ ਹਨ। ਇਸੇ ਲਈ ਹਰ ਸਾਲ ਨਵੰਬਰ ਵਿੱਚ ਇਨਸਾਫ਼ ਦੀ ਮੰਗ ਉੱਠ ਦੀ ਹੈ। ਪੰਜਾਬ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤਾ ਗਿਆ । ਥਾਂ-ਥਾਂ ‘ਤੇ ਰੋਸ ਮਾਰਚ ਕੱਢੇ ਗਏ। ਕਿਰਤੀ ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ 84 ਨਸਲਕੁਸ਼ੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਸਿਰਫ਼ ਇੰਨਾਂ ਹੀ ਯੂਨੀਅਨ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਮੋਦੀ ਸਰਕਾਰ ਨੂੰ ਵੀ ਘੇਰਿਆ
ਕਿਰਤੀ ਕਿਸਾਨ ਯੂਨੀਅਨ ਦਾ ਮੋਦੀ ਸਰਕਾਰ ‘ਤੇ ਇਲਜਾਮ
ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀ ਹੈ ਜਦਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਸਿਰਫ਼ ਇੰਨਾਂ ਹੀ ਨਹੀਂ ਉਨ੍ਹਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਗੁਜਰਾਤ ਵਿੱਚ ਬਿਲਕਿਲ ਬਾਨੋ ਦੇ ਬਲਾਤਕਾਰੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਪਰ ਸਜ਼ਾ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਹੁਣ ਤੱਕ ਨਹੀਂ ਛੱਡਿਆ ਗਿਆ ਹੈ। ਕਿਰਤੀ ਯੂਨੀਅਨ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ RSS ਦੇ ਪ੍ਰਭਾਵ ਅਧੀਨ ਕੰਮ ਕਰ ਰਹੀ ਹੈ। ਜਿਸ ਤਰ੍ਹਾਂ 1984 ਵਿੱਚ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਸੀ ਉਸੇ ਤਰ੍ਹਾਂ ਬੀਜੇਪੀ ਪੰਜਾਬ ਨਾਲ ਬੇਇਨਸਾਫੀ ਕਰ ਰਹੀ ਹੈ। ਸਿਰਫ਼ ਇੰਨਾਂ ਹੀ ਨਹੀਂ ਕਿਰਤੀ ਕਿਸਾਨ ਯੂਨੀਅਨ ਨੇ ਰੋਸ ਮਾਰਚ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਮੋਦੀ ਸਰਕਾਰ ਖਿਲਾਫ਼ ਬੋਲਣ ਵਾਲੇ ਲੇਖਕਾਂ ਅਤੇ ਪੱਤਕਾਰਾਂ ਨੂੰ ਪੁਲਿਸ ਜੇਲ੍ਹ ਵਿੱਚ ਪਾ ਰਹੀ ਹੈ। ਕੇਂਦਰ ਸਰਕਾਰ ਉਨ੍ਹਾਂ ਦੀ ਜਲਦ ਤੋਂ ਜਲਦ ਰਿਹਾਈ ਕਰੇ। ਯੂਨੀਅਨ ਨੇ ਕਿਹਾ ਦੇਸ਼ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਦਲਿਤ,ਘੱਟ ਗਿਣਤੀ ਅਤੇ ਆਦੀਵਾਸੀ ਭਾਈਚਾਰੇ ਦੇ ਖਿਲਾਫ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਸਾਰੇ ਵਰਗਾ ਨੂੰ ਅਪੀਲ ਕੀਤੀ ਕਿ ਉਹ ਇਕਮੁੱਠ ਹੋਕੇ ਸਰਕਾਰ ਦੀਆਂ ਇੰਨਾਂ ਨੀਤੀਆਂ ਖਿਲਾਫ਼ ਖੜੇ ਹੋਣ।