The Khalas Tv Blog Khetibadi ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗ੍ਰਿਫ਼ਤਾਰ, ਕਿਸਾਨਾਂ ਵੱਲੋਂ ਸੰਘਰਸ਼ ਦੀ ਚਿਤਾਵਨੀ
Khetibadi Punjab

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗ੍ਰਿਫ਼ਤਾਰ, ਕਿਸਾਨਾਂ ਵੱਲੋਂ ਸੰਘਰਸ਼ ਦੀ ਚਿਤਾਵਨੀ

ਸਾਦਿਕ ਪੁਲਿਸ ਨੇ ਅੱਜ ਸਵੇਰੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦਾ ਨੋਟਿਸ ਲੈਂਦਿਆਂ ਯੂਨੀਅਨ ਨੇ ਇਸ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿਸਾਨ ਤੇ ਜਨਤਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਬਾਵਜੂਦ ਲੋਕਾਂ ਨੂੰ ਲਾਮਬੰਦ ਕਰਕੇ ਭਾਜਪਾ ਨੂੰ ਸਜ਼ਾ ਦੇਣ ਲਈ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।

ਕਿਸਾਨ ਆਗੂਆਂ ਨੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ ਜਿਸ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।

ਦਰਅਸਲ ਬੀਤੇ ਕੱਲ੍ਹ ਫਰੀਦਕੋਟ ਲੋਕ ਸਭਾ ਹਲਕੇ ਦੇ ਪਿੰਡ ਬੀਹਲੇਵਾਲ ਵਿੱਚ ਲੋਕਾਂ ਨੇ ਚੋਣ ਪ੍ਰਚਾਰ ਕਰ ਰਹੀ ਭਾਜਪਾ ਟੀਮ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਤੇ ਅੱਜ ਸਵੇਰੇ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ। ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਬੀ ਕੇ ਯੂ ਡਕੌਂਦਾ ਧਨੇਰ ਗਰੁੱਪ ਦੇ ਹਰਨੇਕ ਸਿੰਘ ਮਹਿਮਾ ਨੂੰ ਵੀ ਜੇਲ੍ਹ ਭੇਜ ਦਿੱਤਾ ਗਿਆ ਸੀ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪਿਛਲੇ ਦੱਸ ਸਾਲਾਂ ਤੋਂ ਬੁਲਡੋਜ਼ਰ ਰਾਜ ਚਲਾਉਣ ਵਾਲੀ ਭਾਜਪਾ ਨੇ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਘੱਟ ਗਿਣਤੀਆਂ ਤੇ ਔਰਤਾਂ ਦੇ ਹਰੇਕ ਸੰਘਰਸ਼ ਨੂੰ ਕੁਚਲਣ ਲਈ ਹਰ ਹਰਬਾ ਵਰਤਿਆ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਹ ਹੈ।

ਉਨ੍ਹਾਂ ਕਿਹਾ ਕਿ ਲੋਕ ਦਿੱਲੀ ਮੋਰਚਾ, ਲਖੀਮਪੁਰ ਖੀਰੀ ਅਤੇ ਪੰਜਾਬ ਦੇ ਬਾਰਡਰਾਂ ਤੇ ਕਿਸਾਨਾਂ ਵਿਰੁੱਧ ਭਾਜਪਾ ਵਲੋਂ ਕੀਤੇ ਜ਼ੁਲਮੋਂ ਸਿਤਮ ਨੂੰ ਭੁੱਲੇ ਨਹੀਂ ਹਨ। ਨਾ ਹੀ ਲੋਕ ਮਨਾਂ ਵਿਚੋਂ ਪਹਿਲਵਾਨ ਲੜਕੀਆਂ ਨਾਲ ਕੀਤਾ ਦੁਰਵਿਹਾਰ ਵਿਸਰਿਆ ਹੈ। ਲੋਕਾਂ ਦਾ ਇਹ ਗੁੱਸਾ ਲੋਕ ਸਭਾ ਚੋਣਾਂ ਸਮੇਂ ਭਾਜਪਾ ਉਮੀਦਵਾਰਾਂ ਦੇ ਥਾਂ ਥਾਂ ਵਿਰੋਧ ਦੇ ਰੂਪ ਵਿੱਚ ਸਾਹਮਣੇ ਆ ਰਿਹਾ, ਜਿਸ ਕਾਰਨ ਭਾਜਪਾ ਆਗੂ ਆਪਣੀ ਹਾਰ ਸਾਹਮਣੇ ਦੇਖ ਕੇ ਬੁਖਲਾਹਟ ਵਿੱਚ ਆਕੇ ਕੁਝ ਵੀ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਨੂੰ ਸਜ਼ਾ ਦੇਣ ਦੇ ਨਾਅਰੇ ਨੂੰ ਲਾਗੂ ਕਰਨ ਲਈ ਮਨ ਬਣਾ ਲਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਮੇਤ ਭਾਜਪਾ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਨਫ਼ਰਤੀ ਪ੍ਰਚਾਰ ਪ੍ਰਤੀ ਤਾਂ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਮਲੇ ਨੇ ਅੱਖਾਂ ਬੰਦ ਕਰ ਲਈਆਂ ਹਨ ਪਰ ਲੋਕਾਂ ਦੇ ਰੋਹ ਨੂੰ ਪੁਲਿਸ ਕੇਸਾਂ ਅਤੇ ਗ੍ਰਿਫ਼ਤਾਰੀਆਂ ਰਾਹੀਂ ਚੁੱਪ ਕਰਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਹਰਨੇਕ ਸਿੰਘ ਮਹਿਮਾ ਅਤੇ ਨੌਜਵਾਨ ਆਗੂ ਨੌਨਿਹਾਲ ਸਿੰਘ ਦੀਆਂ ਗ੍ਰਿਫਤਾਰੀਆਂ ਇਨ੍ਹਾਂ ਯਤਨਾਂ ਦਾ ਹਿੱਸਾ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੇ ਯਤਨਾਂ ਦੇ ਬਾਵਜੂਦ ਭਾਜਪਾ ਦਾ ਵਿਰੋਧ ਬੰਦ ਨਹੀਂ ਹੋਵੇਗਾ।

ਇਹ ਵੀ ਪੜ੍ਹੋ – ਚੋਣ ਨਤੀਜਿਆਂ ’ਚ ਬੇਵਿਸ਼ਵਾਸੀ ਨੂੰ ਲੈ ਕੇ ਸ਼ੇਅਰ ਬਾਜ਼ਾਰਾਂ ਨੂੰ ਵੱਡਾ ਝਟਕਾ, ਵਿਦੇਸ਼ੀ ਨਿਵੇਸ਼ਕਾਂ ਕੱਢੇ 17,000 ਕਰੋੜ
Exit mobile version