‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹੋ ਗਈ ਹੈ ਪੀਰ ਪਰਵਤ ਸੀ ਪਿਘਲਨੀ ਚਾਹੀਏ, ਇਸ ਹਿਮਲਿਆ ਸੇ ਕੋਈ ਗੰਗਾ ਨਿਕਲਨੀ ਚਾਹੀਏ, ਸਿਰਫ ਹੰਗਾਮਾ ਖੜ੍ਹਾ ਕਰਨਾ ਮੇਰੇ ਮਕਸਦ ਨਹੀਂ, ਮੇਰੀ ਕੋਸ਼ਿਸ਼ ਹੈ ਕਿ ਯੇ ਸੂਰਤ ਬਦਲਨੀ ਚਾਹੀਏ। ਸ਼ਾਇਰ ਦੁਸ਼ਯੰਤ ਦੀਆਂ ਇਨ੍ਹਾਂ ਪੰਕਤੀਆਂ ਵਰਗੀ ਸੋਚ ਨਾਲ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਵਿੱਚ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੇਸ਼ ਭਰ ਚੋਂ ਅੱਜ ਕਿਸਾਨ ਜਥੇਬੰਦੀਆਂ ਇਸ ਦੇਸ਼ ਪੱਧਰੀ ਅੰਦੋਲਨ ਵਿੱਚ ਵਹੀਰਾ ਘੱਤ ਕੇ ਪਹੁੰਚੇ ਹੋਏ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ ਉੱਤੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢੇ ਗਏ ਇਸ ਅੰਦੋਲਨ ਨੂੰ 9 ਮਹੀਨੇ ਪੂਰੇ ਹੋ ਚੁੱਕੇ ਹਨ ਤੇ ਸਰਕਾਰ ਨਾਲ ਕਈ ਦੌਰ ਦੀਆਂ ਬੈਠਕਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ ਹੈ।
ਜਾਣਕਾਰੀ ਅਨੁਸਾਰ ਸਵੇਰ ਤੋਂ ਹੀ ਲੋਕ ਪੰਡਾਲ ਵਿੱਚ ਪਹੁੰਚਣੇ ਸ਼ੁਰੂ ਹੋ ਚੁੱਕੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ ਹੋਏ ਹਨ ਤੇ ਅੱਜ ਵੱਡੇ ਐਲਾਨ ਹੋਣ ਦੀ ਉਮੀਦ ਹੈ। ਇਹ ਵੀ ਜ਼ਿਕਰਯੋਗ ਹੈ ਕਿ ਸਭ ਤੋਂ ਵਧ ਗਿਣਤੀ ਔਰਤਾਂ ਦੀ ਹੈ।