The Khalas Tv Blog India ਇਹ ਕਿਸਾਨ ਜਥੇਬੰਦੀ ਇਸ ਦਿਨ ਘੇਰੇਗੀ ਸੂਬੇ ਦੇ ਸਾਰੇ ਡੀਸੀ ਦਫ਼ਤਰ
India Punjab

ਇਹ ਕਿਸਾਨ ਜਥੇਬੰਦੀ ਇਸ ਦਿਨ ਘੇਰੇਗੀ ਸੂਬੇ ਦੇ ਸਾਰੇ ਡੀਸੀ ਦਫ਼ਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਅਕਤੂਬਰ ਨੂੰ ਦਿੱਲੀ ਮੋਰਚੇ ਨੂੰ 11 ਮਹੀਨੇ ਪੂਰੇ ਹੋ ਰਹੇ ਹਨ ਅਤੇ ਯੂਪੀ ਦੇ ਲਖੀਮਪੁਰ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਹੋਰ ਮਸਲਿਆਂ ਨੂੰ ਲੈ ਕੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਿਨ ਦੇਸ਼ ਭਰ ਵਿੱਚ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਖਰਾਬ ਹੋਏ ਕਪਾਹ ਨਰਮੇ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆ ਰਹੀਆਂ ਹਨ, ਇਸ ਲਈ ਝੋਨੇ ਦੀ ਖਰੀਦ ਨਿਰਵਿਘਨ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡੀਏਪੀ ਬਲੈਕ ਵਿੱਚ ਵਿਕ ਰਹੀ ਹੈ। ਪੰਧੇਰ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਪੂਰੇ ਪੰਜਾਬ ਦੇ ਡੀਸੀ ਦਫਤਰਾਂ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ।

ਪੰਧੇਰ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਕਈ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਖਤਮ ਕਰ ਦਿੱਤਾ ਹੈ, ਸਿਰਫ ਮੁੱਠੀ ਭਰ ਲੋਕ ਹੀ ਅੰਦੋਲਨ ਵਿੱਚ ਸ਼ਾਮਲ ਹਨ, ਉਹ ਵੀ ਮੰਨ ਜਾਣਗੇ, ਵਾਲੇ ਬਿਆਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਇਸ ਅੰਦੋਲਨ ਵਿੱਚ ਸ਼ਾਮਲ ਹਨ ਅਤੇ ਅੰਦੋਲਨ ਪੂਰੀ ਚੜਦੀਕਲਾ ਨਾਲ ਚੱਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।

Exit mobile version