‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਦਾ ਸੱਦਾ ਠੁਕਰਾ ਦਿੱਤਾ ਹੈ। ਕੱਲ੍ਹ ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ਾਮਿਲ ਨਹੀਂ ਹੋਵੇਗੀ। ਪਿਛਲੀ ਵਾਰ ਵੀ ਮੀਟਿੰਗ ਵਿੱਚ ਇਹ ਕਮੇਟੀ ਸ਼ਾਮਿਲ ਨਹੀਂ ਹੋਈ ਸੀ। ਕਮੇਟੀ ਨੇ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਣ ਦੀ ਮੰਗ ਕੀਤੀ। ਕੇਂਦਰ ਸਰਕਾਰ ਨੇ ਸਿਰਫ 29 ਕਿਸਾਨ ਜਥੇਬੰਦੀਆਂ ਨੂੰ ਹੀ ਮੀਟਿੰਗ ਦਾ ਸੱਦਾ ਭੇਜਿਆ ਹੈ।
ਕੇਂਦਰ ਸਰਕਾਰ ਨੇ 29 ਕਿਸਾਨ ਜਥੇਬੰਦੀਆਂ ਨੂੰ 13 ਨਵੰਬਰ ਨੂੰ ਸਵੇਰੇ 11 ਵਜੇ ਮੀਟਿੰਗ ਲਈ ਲਿਖਤੀ ਤੌਰ ‘ਤੇ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮੀਟਿੰਗ ਲਈ ਜ਼ੁਬਾਨੀ ਸੱਦਾ ਦਿੱਤਾ ਗਿਆ ਸੀ, ਪਰ ਕਿਸਾਨਾਂ ਦੀ ਲਿਖਤੀ ਤੌਰ ‘ਤੇ ਸੱਦਾ ਭੇਜੇ ਜਾਣ ਦੀ ਮੰਗ ‘ਤੇ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਲਿਖਤੀ ਸੱਦਾ ਭੇਜਿਆ ਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਰੱਖੀ ਗਈ ਸੀ।